ਮੁੱਖ ਮੰਤਰੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਕੇਂਦਰੀ ਵਿਦੇਸ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ, 25 ਫਰਵਰੀ:(ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰੀ ਵਿਦੇਸ ਮੰਤਰੀ ਡਾ. ਸੁਬਰਾਮਣੀਅਮ ਜੈਸੰਕਰ ਨੂੰ ਜੰਗ ਤੋਂ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਡਾ. ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਵਿੱਚ ਬਹੁਤ ਸਾਰੇ ਵਿਦਿਆਰਥੀ ਅਤੇ ਹੋਰ ਪੰਜਾਬੀ ਫਸੇ ਹੋਏ ਹਨ।ਸ੍ਰੀ ਚੰਨੀ ਨੇ ਕਿਹਾ ਕਿ ਉਨਾਂ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰ ਉੱਥੇ ਪੈਦਾ ਹੋਈ ਸਥਿਤੀ ਕਰਕੇ ਆਪਣਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਇਸ ਤੋਂ ਇਲਾਵਾ ਯੂਕਰੇਨ ਵਿੱਚ ਫਸੇ ਵਿਅਕਤੀਆਂ ਨੂੰ ਢੁਕਵੀਂ ਪਨਾਹ, ਪੈਸੇ ਦੀ ਕਮੀ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨਾਂ ਨੇ ਵਿਦੇਸ ਮੰਤਰਾਲੇ ਨੂੰ ਅਜਿਹੇ ਵਿਅਕਤੀਆਂ ਦੀ ਭਾਰਤ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਕ ਢੰਗ-ਤਰੀਕੇ ਤਲਾਸ਼ਣ ਸਬੰਧੀ ਯਤਨਾਂ ਨੂੰ ਹੋਰ ਤੇਜ ਕਰਨ ਦੀ ਅਪੀਲ ਕੀਤੀ।

