ਪੂਜਾ ਬਣੀ ਵਿਅਕਤੀਗਤ ਵਰਗ ਵਿੱਚ ਸਿਲਵਰ ਮੈਡਲ ਪ੍ਰਾਪਤ ਕਰਨ ਵਾਲੀ ਵਾਲੀ ਪਹਿਲੀ ਭਾਰਤੀ ਮਹਿਲਾ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੀ ਐਮ. ਕਾਮ ਭਾਗ ਪਹਿਲਾ ਦੀ ਵਿਦਿਆਰਥਣ ਪੂਜਾ ਨੇ ਦੁਬਈ ਵਿੱਚ ਹੋਈ ਵਰਲਡ ਪੈਰਾ ਆਰਚਰੀ ਚੈਂਪੀਅਨਸਿਪ ਮੁਕਾਬਲੇ ਦੌਰਾਨ ਵਿਅਕਤੀਗਤ ਵਰਗ ਵਿੱਚ ਸਿਲਵਰ ਮੈਡਲ ਪ੍ਰਾਪਤ ਕਰਕੇ ਕਾਲਜ ਅਤੇ ਭਾਰਤ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ। ਇਹ ਪ੍ਰਾਪਤੀ ਕਰਨ ਵਾਲੀ ਪੂਜਾ ਨੇ ਭਾਰਤ ਦੀ ਪਹਿਲੀ ਮਹਿਲਾ ਖਿਡਾਰਨ ਹੈ ਜਿਸ ਵੱਲੋਂ ਵਰਲਡ ਪੈਰਾ ਆਰਚਰੀ ਚੈਂਪੀਅਨਸਿਪ ਵਿੱਚ ਵਿਅਕਤੀਗਤ ਪੱਧਰ ’ਤੇ ਸਿਲਵਰ ਮੈਡਲ ਹਾਸਲ ਕੀਤਾ ਗਿਆ ਅਤੇ ਨਾਲ ਹੀ ਟੀਮ ਈਵੈਂਟ ਵਿੱਚ ਬਰੌਂਜ ਮੈਡਲ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਇਸ ਮੌਕੇ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਨੇ ਪੂਜਾ ਅਤੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਣ ਵਾਲੀਆਂ ਵਿੱਦਿਅਕ ਸੰਸਥਾਵਾਂ ਲਈ ਇਹ ਬਹੁਤ ਮਾਣ ਭਰੀ ਖਬਰ ਹੈ ਕਿ ਉਨ੍ਹਾਂ ਦੇ ਵਿਦਿਆਰਥੀ ਵਿਸ਼ਵ ਪੱਧਰ ਦੀਆਂ ਮੱਲਾਂ ਮਾਰ ਰਹੇ ਹਨ। ਸ. ਸੁਖਮਿੰਦਰ ਸਿੰਘ ਵਿੱਦਿਆ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਸਮੂਹ ਸਟਾਫ ਖ਼ਾਲਸਾ ਕਾਲਜ ਪਟਿਆਲਾ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਡੇ ਵਿਦਿਆਰਥੀ ਜਿਥੇ ਪੜ੍ਹਾਈ ਵਿੱਚ ਮੱਲਾਂ ਮਾਰ ਰਹੇ ਹਨ ਉੱਥੇ ਨਾਲ ਦੀ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਸਾਡੀਆਂ ਸੰਸਥਾਵਾਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਸ. ਸੁਰਜੀਤ ਸਿੰਘ ਰੱਖੜਾ ਆਨਰੇਰੀ ਸਕੱਤਰ ਕਾਲਜ ਗਵਰਨਿੰਗ ਬਾਡੀ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ ਨੇ ਇਸ ਮੌਕੇ ਪੂਜਾ ਅਤੇ ਉਸਦੇ ਪਰਿਵਾਰ ਦੇ ਨਾਲ-ਨਾਲ ਕਾਲਜ ਦੇ ਪਿ੍ਰੰਸੀਪਲ ਅਤੇ ਸਟਾਫ ਨੂੰ ਵੀ ਵਧਾਈ ਦਿੱਤੀ।
ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਕਾਲਜ ਦੀ ਵਿਦਿਆਰਥਣ ਵੱਲੋਂ ਵਿਸ਼ਵ ਪੱਧਰ ’ਤੇ ਕੀਤੀ ਗਈ ਇਸ ਪ੍ਰਾਪਤੀ ਦੇ ਮੌਕੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਦੱਸਿਆ ਕਿ ਖ਼ਾਲਸਾ ਕਾਲਜ ਆਪਣੇ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦੀ ਉਸਾਰੀ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿੰਦਾ ਹੈ । ਸਾਡੇ ਵਿਦਿਆਰਥੀ ਨਾ ਕੇਵਲ ਰਾਸਟਰੀ ਪੱਧਰ ’ਤੇ ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਉੱਤੇ ਵੀ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਗੁਰਦੀਪ ਕੌਰ ਨੂੰ ਵੀ ਕਾਲਜ ਵਿਦਿਆਰਥਣ ਦੀ ਇਸ ਪ੍ਰਾਪਤੀ ਉਪਰ ਵਧਾਈ ਦਿੱਤੀ। ਡਾ. ਗੁਰਸ਼ਰਨ ਸਿੰਘ ਗਿੱਲ ਮੁਖੀ ਸਰੀਰਕ ਸਿੱਖਿਆ ਵਿਭਾਗ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਪੂਜਾ ਦੇ ਨਾਲ-ਨਾਲ ਉਸ ਦੇ ਕੋਚ ਸ. ਸੁਰਿੰਦਰ ਸਿੰਘ ਨੂੰ ਵੀ ਵਧਾਈ ਦਿੰਦੇ ਹੋਏ ਕਿਹਾ ਕਿ ਵਧੀਆ ਸਿਖਲਾਈ ਅਤੇ ਨਿਰੰਤਰ ਮਿਹਨਤ ਦੇ ਨਤੀਜੇ ਵਜੋਂ ਕਾਲਜ ਦੀ ਵਿਦਿਆਰਥਣ ਨੇ ਇਹ ਵੱਡੀ ਪ੍ਰਾਪਤੀ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

