ਕਿਸਾਨੀ ਮਸਲਿਆਂ ਨੂੰ ਲੈ ਕੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ
ਚੰਡੀਗੜ੍ਹ (ਮਧੂਸਾਰ ਬਿਊਰੋ) ਪੰਜਾਬ ਦੀਆਂ 18 ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕੱਲ੍ਹ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਿਸ ਦੀ ਪ੍ਰਧਾਨਗੀ ਬਲਬੀਰ ਸਿੰਘ ਰਾਜੇਵਾਲ ਨੇ ਕੀਤੀ ਅਤੇ ਲਮਕਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਸਰਕਾਰ ਪਿਛਲੇ ਸਾਲ 9 ਦਸੰਬਰ ਨੂੰ ਰਹਿੰਦੀਆਂ ਮੰਗਾਂ ਬਾਰੇ ਕੀਤੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ। 4 ਮਾਰਚ ਨੂੰ ਪੰਜਾਬ ਰਾਜਪਾਲ ਨੂੰ ਦਿੱਤੇ ਗਏ ਮੰਗ ਪੱਤਰ ਦੀ ਪੈਰਵੀ ਵਜੋਂ, SKM ਆਗੂਆਂ ਨੇ ਵੱਖ-ਵੱਖ ਰੂਪਾਂ ਵਿੱਚ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ।
ਅੰਦੋਲਨ ਦੇ ਸਮਾਜਿਕ ਅਤੇ ਰਾਜਨੀਤਿਕ ਅਧਾਰ ਨੂੰ ਵਿਸ਼ਾਲ ਕਰਨ ਲਈ, ਕਿਸਾਨ ਆਗੂਆਂ ਨੇ 28-29 ਮਾਰਚ ਨੂੰ ਭਾਰਤ ਦੀਆਂ ਟਰੇਡ ਯੂਨੀਅਨਾਂ ਦੀ ਦੋ-ਦਿਨਾਂ ਹੜਤਾਲ ਨੂੰ ਪੂਰਾ ਸਮਰਥਨ ਦੇਣ ਦਾ ਫੈਸਲਾ ਕੀਤਾ। ਕਿਸਾਨ ਪੂਰੇ ਭਾਰਤ ਵਿੱਚ ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਧਰਨੇ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਸਮੁੱਚੇ ਭਾਰਤ ‘ਚ ਕਿਸਾਨ ਅਧਾਰ ਨੂੰ ਸੰਗਠਿਤ ਤੇ ਮਜ਼ਬੂਤ ਕਰਨ ਦੇ ਯਤਨਾਂ ਲਈ, ਆਗੂਆਂ ਨੇ 31 ਮਾਰਚ, 2022 ਨੂੰ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਬੁਲਾਉਣ ਦਾ ਫੈਸਲਾ ਕੀਤਾ ਹੈ। ਵਿਸ਼ਾਲ ਸੰਯੁਕਤ ਕਿਸਾਨ ਮੋਰਚਾ ਖੇਤੀਬਾੜੀ ਨੂੰ ਬਚਾਉਣ ਲਈ ਭਵਿੱਖੀ ਕਾਰਵਾਈ ਦਾ ਫੈਸਲਾ ਕਰੇਗਾ।
ਐਸਕੇਐਮ ਨੇ ਬੀਬੀਐਮਬੀ(BBMB) ਵਿੱਚ ਪੰਜਾਬ ਤੇ ਹਰਿਆਣਾ ਦੇ ਨੁਮਾਇੰਦੇ ਹਟਾਉਣ, ਲਖੀਮਪੁਰ ਖੇੜੀ ਕਤਲਿਆਮ ਵਿੱਚ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ, ਚੰਡੀਗੜ੍ਹ ਵਿੱਚ ਪੰਜਾਬ ਦੇ ਸਟਾਫ਼ ਦੀ 60 ਫੀਸਦੀ ਪ੍ਰਤੀਨਿਧਤਾ ਪੂਰੀ ਕਰਨ ਅਤੇ ਸਕੂਲਾਂ ਵਿੱਚ ਇਤਿਹਾਸ ਦੀਆਂ ਕਿਤਾਬਾਂ ਨਾਲ ਛੇੜਛਾੜ ਬੰਦ ਕਰਨ ਆਦਿ ਦੀ ਮੰਗ ਵੀ ਕੀਤੀ ਹੈ। ਮੀਟਿੰਗ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨਿਖੇਧੀ ਕੀਤੀ ਅਤੇ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਉਣ ਦੀ ਮੰਗ ਕੀਤੀ | ਮੀਟਿੰਗ ਵਿੱਚ ਡਾ: ਦਰਸ਼ਨਪਾਲ ਅਤੇ ਹੋਰ ਆਗੂਆਂ ਵੱਲੋਂ ਮੀਡੀਆ ਨੂੰ ਜਾਰੀ ਕੀਤੇ ਫੁਟਪਾਊ ਬਿਆਨ ਦੀ ਨਿਖੇਧੀ ਕੀਤੀ ਗਈ। ਅਸੀਂ ਆਪਣੇ ਵੱਲੋਂ SKM ਨੂੰ ਮਜ਼ਬੂਤ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ ਜਦੋਂ ਕਿ ਕੁਝ ਤਾਕਤਾਂ ਸਰਕਾਰ ਦੇ ਹੱਥਾਂ ਵਿੱਚ ਖੇਡ ਰਹੀਆਂ ਹਨ। ਅਸੀਂ ਸਮੂਹ ਕਿਸਾਨ ਜਥੇਬੰਦੀਆਂ ਤੇ ਹੋਰ ਕਾਰਕੁਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਰਕਾਰ ਦੀਆਂ ਨਾਪਾਕ ਤੇ ਫੁਟਪਾਊ ਚਾਲਾਂ ਤੋਂ ਕਿਸਾਨਾਂ ਦੀ ਏਕਤਾ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਕੁਲਵੰਤ ਸਿੰਘ ਸੰਧੂ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਹਰਮੀਤ ਸਿੰਘ ਕਾਦੀਆਂ, ਕੁਲਦੀਪ ਸਿੰਘ ਵਜੀਦਪੁਰ, ਫਰਮਾਨ ਸਿੰਘ ਸੰਧੂ, ਉੱਗਰ ਸਿੰਘ ਮਾਨਸਾ, ਬਖਤਾਵਰ ਸਿੰਘ ਲਾਧੂਪੁਰ, ਹਰਜਿੰਦਰ ਸਿੰਘ ਟਾਂਡਾ, ਮੁਕੇਸ਼ ਕੁਮਾਰ, ਬਲਵਿੰਦਰ ਸਿੰਘ ਰਾਜੂ, ਲਖਵਿੰਦਰ ਸਿੰਘ ਖਾਲਸਾ, ਕਿਰਪਾ ਸਿੰਘ, ਗੁਰਨਾਮ ਸਿੰਘ ਭੀਖੀ, ਕਰਮਜੀਤ ਸਿੰਘ ਕਾਰਕੌਰ, ਹਰਵਿੰਦਰ ਸਿੰਘ ਗਿੱਲ ਅਤੇ ਬੂਟਾ ਸਿੰਘ ਸ਼ਾਦੀਪੁਰ ਸ਼ਾਮਲ ਸਨ।

