ਬੁੱਢਾ ਦਲ ਵੱਲੋਂ ਇੰਟਰਨੈਸ਼ਨਲ ਦੋ ਰੋਜ਼ਾ ਗੱਤਕਾ ਮੁਕਾਬਲੇ ਆਰੰਭ
ਵਿਸ਼ੇਸ਼ ਅੱਠ ਸਖਸ਼ੀਅਤਾਂ ਦਾ ਹੋਵੇਗਾ ਸਨਮਾਨ
ਦਿਲਜੀਤ ਸਿੰਘ ਬੇਦੀ ਵੱਲੋਂ ਸੰਪਾਦਨ ਵਿਸ਼ੇਸ਼ ਰਸਾਲਾ “ਨਿਹੰਗ ਸਿੰਘ ਸੰਦੇਸ਼” ਹੋਵੇਗਾ ਰੀਲੀਜ਼।
ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਮਧੂਸਾਰ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਦੇ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਅੱਜ ਖਾਲਸਾਈ ਸ਼ਾਨੋ-ਸ਼ੋਕਤ ਨਾਲ ਬੁੱਢਾ ਦਲ ਵੱਲੋ ਅਰਦਾਸ ਕਰਨ ਉਪਰੰਤ ਕੀਤੀ ਗਈ।ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਵਾਤ ਕਰਵਾਈ।ਸਿੱਖ ਪ੍ਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜੂ ਕਲਾ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖਸ਼ੀ ਜੰਗਜੂ ਕਲਾ ਹੈ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਗਤਕੇ ਦੀ ਇਸ ਸ਼ਸ਼ਤਰ ਕਲਾ ਨੂੰ ਉਹ ਲੋਕ ਹੀ ਅਪਨਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹਨ।
ਇਸੇ ਦੌਰਾਨ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਪਿਛਲੇ 15 ਸਾਲਾਂ ਤੋਂ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਜੋ ਇਸ ਵਾਰ ਵੀ ਦੋ ਰੋਜ਼ਾ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲੇ ਅੱਜ ਅਰੰਭ ਹੋਏ ਹਨ ਤੇ ਕੱਲ ਨੂੰ ਫਾਈਨਲ ਹੋਣਗੇ।ਉਨ੍ਹਾਂ ਕਿਹਾ ਪਿਛਲੀ ਰਵਾਇਤ ਮੁਤਾਬਕ ਹੀ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 8 ਸਖਸ਼ੀਅਤਾਂ ਇਸ ਵਾਰ ਵੀ ਬੁੱਢਾ ਦਲ ਵੱਲੋਂ ਸਨਮਾਨਿਤ ਹੋ ਰਹੀਆਂ ਹਨ।ਜਿਨਾਂ ਵਿਚ ਸ੍ਰ. ਜਗਜੀਤ ਸਿੰਘ ਦਰਦੀ ਸੰਪਾਦਕ ਚੜ੍ਹਦੀ ਕਲਾ ਗਰੁੱਪ, ਉੱਘੇ ਵਿਦਵਾਨ ਕਰਨਲ ਦਲਵਿੰਦਰ ਸਿੰਘ ਗਰੇਵਾਲ, ਨਿਰਮਲੇ ਸੰਪਰਦਾਇ ਦੀ ਵਿਸ਼ੇਸ਼ ਸਖਸ਼ੀਅਤ ਸੰਤ ਤੇਜਾ ਸਿੰਘ ਗੁਰੂਸਰ ਖੁੱਡੇ ਵਾਲੇ, ਬਾਬਾ ਹਰਜੀਤ ਸਿੰਘ ਸਿੰਘ ਰਾਗੀ ਮਹਿਤਾ ਚੌਂਕ ਵਾਲੇ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਗਿ: ਭੁਪਿੰਦਰਪਾਲ ਸਿੰਘ ਕਥਾਵਾਚਕ ਅਤੇ ਸ੍ਰ. ਜਸਵਿੰਦਰ ਸਿੰਘ ਅਮਰੀਕਾ ਨੂੰ ਬੁੱਢਾ ਦਲ ਦੇ ਤੀਸਰੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਜੀ, ਚੌਥੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਯਾਦਗਾਰੀ ਐਵਾਰਡਾਂ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।ਬੁੱਢਾ ਦਲ ਦੇ ਨਿਹੰਗ ਸਿੰਘਾਂ ਦਾ ਵਿਸ਼ੇਸ਼ ਕਿਤਾਬਚਾ “ਨਿਹੰਗ ਸਿੰਘ ਸੰਦੇਸ਼” ਨੂੰ ਵੀ ਰਲੀਜ਼ ਕੀਤਾ ਜਾਵੇਗਾ। ਅੱਜ ਇਸ ਮੌਕੇ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ੍ਰ. ਜਗਸੀਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਜੱਸਾ ਸਿੰਘ, ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੋਰ, ਭਾਈ ਸੁਪ੍ਰੀਤ ਸਿੰਘ ਗਤਕਾ ਮਾਸਟਰ, ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

