ਬੇਅਦਬੀ ਦੀ ਕੋਸ਼ਿਸ਼, ਪ੍ਰੋ. ਬਡੂੰਗਰ ਨੇ ਅਣਗਹਿਲੀ ਵਰਤਣ ਵਾਲਿਆਂ ਖਿਲਾਫ਼ ਮੰਗੀ ਕਾਰਵਾਈ
ਪਟਿਆਲਾ 17 ਮਾਰਚ (ਮਧੂਸਾਰ ਬਿਊਰੋ) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੁੜ ਤੋਂ ਬੇਅਦਬੀ ਦੀ ਕੋਸ਼ਿਸ਼ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਘਟਨਾ ’ਤੇ ਚਿੰਤਾ ਜ਼ਾਹਿਰ ਕੀਤੀ ਹੈ, ਉਥੇ ਹੀ ਅਣਗਹਿਲੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਵਾਪਰਦੀਆਂ ਬੇਅਦਬੀ ਦੀਆਂ ਘਟਨਾਵਾਂ ਜਿਥੇ ਚਿੰਤਾ ਦਾ ਵਿਸ਼ਾ ਹਨ, ਉਥੇ ਹੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਨਾਲ ਮਨਾਂ ’ਚ ਠੇਸ ਪੁੱਜਦੀ ਹੈ ਅਜਿਹੀਆਂ ਘਟਨਾਵਾਂ ਨੂੰ ਨਾਕਾਮ ਕਰਨਾ ਅਤੇ ਰੋਕਣਾ ਸਮੇਂ ਦੀ ਵੱਡੀ ਲੋੜ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਵੇਂ ਕਿ ਸੇਵਾਦਾਰਾਂ ਦੀ ਚੌਕਸੀ ਨਾਲ ਬੇਅਦਬੀ ਹੋਣ ਦੀ ਘਟਨਾ ਵਾਪਰਨ ਤੋਂ ਬਚ ਗਈ ਹੈ, ਪ੍ਰੰਤੂ ਫੇਰ ਵੀ ਉਨ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਮਾਮਲਾ ਜਾਂਚ ਦਾ ਵਿਸ਼ਾ ਹੈ, ਜੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਅਣਗਹਿਲੀ ਪਾਈ ਜਾਂਦੀ ਹੈ ਤਾਂ ਸਖਤ ਕਾਰਵਾਈ ਜ਼ਰੂਰ ਹੋਵੇ।

