ਦੇਸ਼-ਵਿਦੇਸ਼ਪੰਜਾਬ

ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਦਾ ਵੱਡਾ ਫੈਸਲਾ

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਜਾਵੇਗੀ

23 ਮਾਰਚ ਨੂੰ ਜਾਰੀ ਕੀਤਾ ਜਾਵੇਗਾ ਨੰਬਰ

ਚੰਡੀਗੜ੍ਹ, 17 ਮਾਰਚ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਹਨਾਂ ਲੋਕਾਂ ਦੇ ਹੱਥ ਵਿਚ ਹੁੰਦੀ ਹੈ।

ਭਾਰਤੀ ਕ੍ਰਿਕਟ ਟੀਮ ਦੀ ਕਾਰਗੁਜ਼ਾਰੀ ਦੀ ਮਿਸਾਲ ਦਿੰਦੇ ਹੋਏ ਮਾਨ ਨੇ ਕਿਹਾ, “ਮੈਚ ਵਿਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜਜ਼ਬਾ ਸਭ ਤੋਂ ਵੱਧ ਮਾਅਨੇ ਰੱਖਦਾ ਹੈ।” ਇਸੇ ਕਰਕੇ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ ਸਗੋਂ ਅਸਲ ਪੰਜਾਬ ਬਣਾਉਣਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ ਜਿਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਅੱਗੇ ਕਿਹਾ, “ਮੈਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ ਜਿਸ ਕਰਕੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ।”

ਸਿਵਲ ਤੇ ਪੁਲੀਸ ਅਫਸਰਾਂ ਦੀ ਬੇਮਿਸਾਲ ਸਮਰਥਾ ਤੇ ਕਾਬਲੀਅਤ ਦੀ ਸ਼ਲਾਘਾ ਕਰਦੇ ਹੋਏ ਮਾਨ ਨੇ ਕਿਹਾ, “ਮੈਂ ਤੁਹਾਡੇ ਤੋਂ ਆਸ ਕਰਦਾਂ ਹਾਂ ਕਿ ਤੁਸੀਂ ਆਮ ਲੋਕਾਂ ਦਾ ਸਤਿਕਾਰ ਕਰੋ ਅਤੇ ਬਦਲੇ ਵਿਚ ਅਸੀਂ ਵੀ ਤਹਾਨੂੰ ਲੋਕ ਸੇਵਕ ਦੇ ਤੌਰ ’ਤੇ ਸਹੀ ਮਾਅਨਿਆਂ ਵਿਚ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਬਣਦਾ ਮਾਣ-ਸਤਿਕਾਰ ਦਿਆਂਗੇ।” ਬਿਨਾਂ ਕੋਈ ਸੰਕੋਚ ਵਰਤਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ,“ਮੇਰੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਮੇਰੇ ਧਿਆਨ ਵਿਚ ਆ ਗਈ ਤਾਂ ਇਹੋ ਜਿਹੇ ਅਫਸਰ ਮੈਥੋਂ ਹਮਦਰਦੀ ਦੀ ਝਾਕ ਨਾ ਰੱਖਣ।” ਭ੍ਰਿਸ਼ਟਾਚਾਰ ਮੁਕਤ ਸਰਕਾਰ ਨੂੰ ਯਕੀਨੀ ਬਣਾਉਣ ਲਈ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇਕ ਵਟਸਐਪ ਨੰਬਰ ਸ਼ੁਰੂ ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।

Leave a Reply

Your email address will not be published. Required fields are marked *