ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗ਼ੌਰ ਕਰੇ: ਸੁਪਰੀਮ ਕੋਰਟ
ਚੰਡੀਗੜ੍ਹ (ਮਧੂਸਾਰ ਬਿਊਰੋ) ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ ‘ਤੇ ਤੁਰੰਤ ਗੌਰ ਕਰਨ ਲਈ ਕਿਹਾ ਹੈ। ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ,‘ਭਾਰਤ ਸਰਕਾਰ ਅਤੇ ਕੇਂਦਰੀ ਜਾਂਚ ਬਿਊਰੋ ਸਮੇਤ ਸਬੰਧਤ ਅਧਿਕਾਰੀ ਇਸ ਮਾਮਲੇ ਦੀ ਤੁਰੰਤ ਘੋਖ ਕਰਨ।’ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਬਾਰੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਤੱਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ (2 ਮਈ) ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ। ਸੁਪਰੀਮ ਕੋਰਟ ਨੇ ਇਹ ਹੁਕਮ ਰਾਜੋਆਣਾ ਦੀ ਪਟੀਸ਼ਨ ‘ਤੇ ਦਿੱਤਾ ਹੈ। ਰਾਜੋਆਣਾ ਨੇ ਦੋ ਸਾਲ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਤੰਬਰ 2019 ਦੇ ਫੈਸਲੇ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇਕ ਧਮਾਕੇ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ।

