ਅਮਿਤ ਸ਼ਾਹ ਨੇ ਅੱਜ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ, 27 ਮਾਰਚ ((ਮਧੂਸਾਰ ਬਿਊਰੋ) ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਸ੍ਰੀ ਸ਼ਾਹ ਨੇ ਸਵੇਰੇ ਸੈਕਟਰ 9 ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਨਵੇਂ ਬਣੇ ਭਵਨ ਦਾ ਉਦਘਾਟਨ ਕੀਤਾ। ਬਾਅਦ ’ਚ ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ। ਇਹ ਲਗਪਗ 274 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ।
ਇਸ ਪ੍ਰਾਜੈਕਟ ਨਾਲ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸਮਾਰਟ ਸਿਸਟਮ ਪ੍ਰਣਾਲੀ ਨਾਲ ਜੋੜਿਆ ਜਾਵੇਗਾ। ਇਸ ਵਿਵਸਥਾ ਅਧੀਨ ਸ਼ਹਿਰ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਨਾਲ ਅਪਰਾਧੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖੀ ਜਾ ਸਕੇਗੀ। ਇਸ ਦੇ ਨਾਲ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਆਨਲਾਈਨ ਚਲਾਨ ਵੀ ਭੇਜੇ ਜਾਣਗੇ। ਇਹ ਕੈਮਰੇ ਰਾਤ ਵੇਲੇ ਵੀ ਸਪਸ਼ਟ ਤਸਵੀਰ ਲੈਣ ਦੀ ਤਕਨੀਕ ਨਾਲ ਲੈਸ ਹਨ ਅਤੇ ਮੀਂਹ ਅਤੇ ਧੁੰਦ ਵਿੱਚ ਵੀ ਫੁਟੇਜ ਦੇ ਮਿਆਰ ‘ਤੇ ਕੋਈ ਫਰਕ ਨਹੀਂ ਪਏਗਾ। ਸ੍ਰੀ ਅਮਿਤ ਸ਼ਾਹ ਵੱਲੋਂ ਦੁਪਹਿਰ ਵੇਲੇ ਸੈਕਟਰ 17 ਵਿੱਚ ਤਿਆਰ ਅਰਬਨ ਪਾਰਕ ਸਮੇਤ ਹੋਰਨਾਂ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

