ਅਜੋਕੇ ਸਮੇਂ ’ਚ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਤਬਦੀਲੀਆਂ ਦੀ ਜ਼ਰੂਰਤ ਹੈ : ਛੀਨਾ
ਖ਼ਾਲਸਾ ਕਾਲਜ ਐਜੂਕੇਸ਼ਨ ਦੀ 65ਵੀਂ ਕਾਨਵੋਕੇਸ਼ਨ ਮੌਕੇ 750 ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਡਿਗਰੀਆਂ

ਅੰਮ੍ਰਿਤਸਰ, 5 ਅਪ੍ਰੈਲ (ਮਧੂਸਾਰ ਬਿਊਰੋ) ਅਜੋਕੇ ਸਮੇਂ ’ਚ ਦੇਸ਼ ਨੂੰ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ ਜ਼ਰੂਰਤ ਹੈ। ਜੇਕਰ ਭਾਰਤ ਨੇ ਤਰੱਕੀ ਕਰਨੀ ਹੈ ਤਾਂ ਰਵਾਇਤੀ ਸਿੱਖਿਆ ਨੂੰ ਮੁੱਢਲੇ ਤੌਰ ’ਤੇ ਮਜ਼ਬੂਤ ਕਰਨਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਵੱਲੋਂ ਕਰਵਾਈ ਗਈ 65ਵੀਂ ਸਲਾਨਾ ਡਿਗਰੀ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ 750 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਮੌਕੇ ਕੀਤਾ। ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਇਸ ਡਿਗਰੀ ਵੰਡ ਸਮਾਰੋਹ ਦਾ ਅਗਾਜ਼ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਉਪਰੰਤ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵੱਲੋਂ ਸ: ਛੀਨਾ ਅਤੇ ਹੋਰਨਾਂ ਮਹਿਮਾਨਾਂ ਦਾ ਸਮਾਰੋਹ ’ਚ ਪੁੱਜਣ ’ਤੇ ਭਰਪੂਰ ਸਵਾਗਤ ਕੀਤਾ ਗਿਆ।

ਇਸ ਮੌਕੇ ਸ: ਛੀਨਾ ਨੇ ਡਿਗਰੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਦਾ ਪੇਸ਼ਾ ਦਾ ਇਕ ਬਹੁਤ ਹੀ ਮਹਾਨ ਕਿੱਤਾ ਹੈ। ਜਿਸ ’ਚ ਅਧਿਆਪਕ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਗਿਆਨ ਦਾ ਭੰਡਾਰ ਵਿੱਦਿਆ ਰਾਹੀਂ ਪ੍ਰਦਾਨ ਕਰਦੇ ਹਨ ਅਤੇ ਉਸ ਨੂੰ ਉਸ ਦੇ ਜਾਇਜ਼ ਮੁਕਾਮ ’ਤੇ ਪਹੁੰਚਾਉਣ ਲਈ ਜੀਅ ਤੋੜ ਮਿਹਨਤ ਕਰਵਾਉਂਦੇ ਹਨ। ਸ: ਛੀਨਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਇਨਫ਼ਾਰਮੇਸ਼ਨ ਟੈਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦੇ ਹੱਥ ’ਚ ਡੰਡਾ ਨਹੀਂ, ਸਗੋਂ ਰਿਮੋਟ ਕੰਟਰੋਲ ਹੋਣਾ ਚਾਹੀਦਾ ਹੈ ਤਾਂ ਹੀ ਉਹ ਸਮਾਰਟ ਬੋਰਡ ਤੇ ਸਿੱਖਿਆ ਪ੍ਰਸਾਰ ਕਰ ਸਕਦੇ ਹਨ। ਇਸ ਮੌਕੇ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਕਾਲਜ ਦੀ ਸਾਲਾਨਾ ਪ੍ਰਾਪਤੀ ਰਿਪੋਰਟ ਪੜ੍ਹਦਿਆ ਕਾਲਜ ਦੀਆਂ ਵਿੱਦਿਅਕ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਇਸ ਮੌਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਨ ਦੀ ਸਲਾਹ ਵੀ ਦਿੱਤੀ।

ਇਸ ਡਿਗਰੀਆਂ ਵੰਡ ਸਮਾਰੋਹ ਮੌਕੇ ਸ: ਛੀਨਾ ਨੇ ਪੀ. ਐਚ. ਡੀ. ਕਰਨ ’ਤੇ ਡਾ. ਮਨਿੰਦਰ ਕੌਰ, ਡਾ. ਸਤਿੰਦਰ ਢਿੱਲੋਂ, ਡਾ. ਰਮਨਪ੍ਰੀਤ ਕੌਰ ਅਤੇ ਡਾ. ਮਨਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਡਾ. ਦੀਪਿਕਾ ਕੋਹਲੀ, ਪ੍ਰੀਤਇੰਦਰ ਕੌਰ, ਜਸਪ੍ਰੀਤ ਕੌਰ ਅਤੇ ਪਾਰੁਲ ਅਗਰਵਾਲ ਨੂੰ ਅਕਾਦਮਿਕ ਪੱਧਰ ’ਚ ਪ੍ਰਾਪਤੀਆਂ ਹਾਸਲ ਕਰਨ ’ਤੇ ਵਿਸ਼ੇਸ਼ ਤੌਰ ਟਰਾਫ਼ੀਆਂ ਪ੍ਰਦਾਨ ਕੀਤੀਆਂ। ਸਮਾਰੋਹ ਦੌਰਾਨ ਧਾਰਮਿਕ ਅਤੇ ਯੂਨੀਵਰਸਿਟੀ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ ਨਾਲ ਯੂ. ਜੀ. ਸੀ. ਦਾ ਟੈਸਟ ਪਾਸ ਕਰਨ ਵਾਲੇ ਵਿਦਿਆਰਕੀਆਂ ਨੂੰ ਪ੍ਰੋਤਸ਼ਾਹਿਤ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ. ਅਜ਼ਮੇਰ ਸਿੰਘ ਹੇਰ, ਸ. ਸਰਦੂਲ ਸਿੰਘ ਮੰਨਨ, ਮੈਂਬਰ ਐਸ. ਐਸ. ਸੇਠੀ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਪ੍ਰਿੰਸੀਪਲ ਜਗਦੀਸ਼ ਸਿੰਘ, ਡਾ. ਮਨਪ੍ਰੀਤ ਕੌਰ, ਅੰਡਰ ਸੈਕਟਰੀ ਡੀ. ਐਸ. ਰਟੌਲ, ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਤੇ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

