ਪਟਿਆਲਾ

ਪਿੰਡਾਂ ਵਿਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈੰਪਾਂ ਦੀ ਸ਼ੁਰੂਆਤ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਦੇ ਮੌਕੇ-ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਮਾਲ ਸੁਵਿਧਾ ਕੈੰਪ ਸ਼ੇਰਮਾਜਰਾ ਵਿਖੇ ਅੱਜ, ਇੰਤਕਾਲ, ਫ਼ਰਦ ਬਦਰ ਜਾਂ ਮਾਲ ਰਿਕਾਰਡ ਨਾਲ ਸਬੰਧਤ ਕੰਮ ਨਿਪਟਾਏ ਜਾਣਗੇ

ਪਟਿਆਲਾ, 6 ਅਪ੍ਰੈਲ:(ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਦੇਰ ਸ਼ਾਮ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟ ਮਿਥੇ ਸਮੇਂ ‘ਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਮੁਤਾਬਿਕ ਵੱਖ ਵੱਖ ਪਿੰਡਾਂ ਵਿਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈੰਪਾਂ ਦੀ ਸ਼ੁਰੂਆਤ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਦੇ ਮੌਕੇ ਕੀਤੀ ਜਾਵੇਗੀ। ਜਦੋਂ ਕਿ ਮਾਲ ਸੁਵਿਧਾ ਕੈੰਪ 7 ਅਪ੍ਰੈਲ ਨੂੰ ਪਟਿਆਲਾ ਦੇ ਪਿੰਡ ਸ਼ੇਰਮਾਜਰਾ ਵਿਖੇ ਲਗਾਇਆ ਜਾ ਰਿਹਾ ਹੈ, ਜਿਥੇ ਇੰਤਕਾਲ, ਫ਼ਰਦ ਬਦਰ ਜਾਂ ਮਾਲ ਰਿਕਾਰਡ ਨਾਲ ਸਬੰਧਤ ਕੰਮ ਨਿਪਟਾਏ ਜਾਣਗੇ।

ਮੀਟਿੰਗ ਦੌਰਾਨ ਸਮੁਚੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਤੇ ਪ੍ਰਸਾਸ਼ਨਿਕ ਕੰਮਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਬਿਨਾ ਦੇਰੀ ਨਿਪਟਾਏ ਜਾਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਸ੍ਰੀਮਤੀ ਸਾਹਨੀ ਨੇ ਕਿਹਾ ਕਿ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਆਪਸੀ ਤਾਲਮੇਲ ਨਾਲ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ। ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਪੇਂਡੂ ਵਿਕਾਸ ਵਿਭਾਗ ਨਾਲ ਮਿਲਕੇ ਪੰਚਾਇਤੀ ਜ਼ਮੀਨਾਂ ਵਿਚ ਫ਼ਸਲੀ ਵਿਭਿਨਤਾ ਨੂੰ ਪ੍ਰਫੁਲਿਤ ਕਰਨ। ਉਹਨਾਂ ਇਹ ਵੀ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਪਾਰਦਰਸ਼ਤਾ ਰੱਖਣ ਲਈ ਵੀਡੀਓਗ੍ਰਾਫੀ ਕਰਵਾਈ ਜਾਵੇ। ਉਹਨਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਮੀਖਿਆ ਕਰਦਿਆਂ ਹੁਨਰਮੰਦ ਦੇ ਗੈਰ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ਤਰਜੀਹ ਮੁਤਾਬਿਕ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਉਤੇ ਵੀ ਜ਼ੋਰ ਦਿਤਾ।

ਸਿਹਤ ਵਿਭਾਗ ਦਾ ਜਾਇਜ਼ਾ ਲੈਂਦਿਆਂ ਉਹਨਾਂ ਕਿਹਾ ਕਿ ਹਰ ਯੋਗ ਨਾਗਰਿਕ ਅਤੇ ਸਰਕਾਰੀ ਵਿਭਾਗਾਂ ਦੇ ਹਰ ਮੁਲਾਜ਼ਿਮ ਦੇ ਕੋਵਿਡ ਵੈਕਸੀਨ ਲਗਾਉਣੀ ਯਕੀਨੀ ਬਣਾਈ ਜਾਵੇ। ਮੀਟਿੰਗ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. (ਐਚ) ਹਰਕਮਲ ਕੌਰ, ਐਸ.ਡੀ.ਐਮਜ ਟੀ.ਬੈਨਿਥ, ਅੰਕੁਰਜੀਤ ਸਿੰਘ, ਚਰਨਜੀਤ ਸਿੰਘ ਤੇ ਕੰਨੂ ਗਰਗ, ਸਹਾਇਕ ਕਮਿਸ਼ਨਰ (ਯੂ.ਟੀ.) ਚੰਦਰ ਜੋਤੀ ਸਿੰਘ, ਪੁਡਾ ਦੇ ਅਸਟੇਟ ਅਫ਼ਸਰ ਈਸ਼ਾ ਸਿੰਘਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ ਹਰਜਿੰਦਰ ਸਿੰਘ, ਸਿਵਲ ਸਰਜਨ ਡਾ ਜਤਿੰਦਰ ਕਾਂਸਲ, ਡੀ.ਡੀ.ਪੀ.ਓ ਰੂਪ ਸਿੰਘ ਤੇ ਹੋਰ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਮੌਜੂਦ ਸਨ।

Leave a Reply

Your email address will not be published. Required fields are marked *