ਏਡਿਡ ਸਕੂਲ ਅਧਿਆਪਕ ਯੂਨੀਅਨ ਦਾ ਵਫਦ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਚੀਮਾ ਨੂੰ ਮਿਲਿਆ
ਮੰਤਰੀ ਵੱਲੋਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਪਟਿਆਲਾ 4 ਮਈ (ਮਧੂਸਾਰ ਬਿਊਰੋ) ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦਾ ਇਕ ਵਫਦ ਅੱਜ ਸੂਬਾ ਪ੍ਰਧਾਨ ਐੱਨਐੱਨ ਸੈਣੀ ਦੀ ਅਗਵਾਈ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ ।ਵਿੱਤ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਯੂਨੀਅਨ ਆਗੂਆਂ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਏਡਿਡ ਸਕੂਲਾਂ ਦੇ ਕੰਮ ਕਰਦੇ ਅਧਿਆਪਕਾਂ ,ਕਰਮਚਾਰੀਆਂ ਅਤੇ ਪੈਨਸ਼ਨਰਾਂ ਤੇ ਲਾਗੂ ਕਰਨ ਬਾਰੇ ਚਰਚਾ ਕੀਤੀ ਗਈ ।ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਵਿੱਤ ਮੰਤਰੀ ਸ੍ਰੀ ਚੀਮਾ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਬੰਧੀ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ।ਇਸ ਮੌਕੇ ਯੂਨੀਅਨ ਆਗੂਆਂ ਵੱਲੋਂ ਏਡਿਡ ਸਕੂਲਾਂ ਨਾਲ ਸਬੰਧਤ ਹੋਰਨਾਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਜਿਸ ਵਿੱਚ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨ ਕੇਸਾਂ ਤੋਂ ਇਲਾਵਾ ਡੀ.ਪੀ.ਆਈ ਦਫ਼ਤਰ ਵਿਖੇ ਏਡਿਡ ਸਕੂਲਾਂ ਲਈ ਵੱਖਰਾ ਡੀ ਸੀ ਐੱਫ ਏ ਅਤੇ ਐਸ ਓ ਨਿਯੁਕਤ ਕਰਨ ਬਾਰੇ ਵੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ।ਯੂਨੀਅਨ ਆਗੂਆਂ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਯੂਨੀਅਨ ਆਗੂਆਂ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਹੋਣ ਕਾਰਨ ਵੱਡਾ ਵਿੱਤੀ ਨੁਕਸਾਨ ਹੋ ਰਿਹਾ ਹੈ ।ਉਨ੍ਹਾਂ ਆਖਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਏਡਿਡ ਸਕੂਲਾਂ ਦੇ ਮੌਜੂਦਾ ਕਰਮਚਾਰੀਆਂ ਨੂੰ ਕੋਈ ਵੀ ਮਹਿੰਗਾਈ ਭੱਤਾ ਨਹੀਂ ਦਿੱਤਾ ਗਿਆ ।ਇਸ ਮੌਕੇ ਯੂਨੀਅਨ ਦੇ ਵਫ਼ਦ ਵਿੱਚ ਦਿਲਜੀਤ ਸਿੰਘ ਮੋਹਾਲੀ, ਗੁਰਨਾਮ ਸਿੰਘ, ਸ਼ਰਨਜੀਤ ਸਿੰਘ ਕੁਰਾਲੀ ,ਯਾਦਵਿੰਦਰ ਕੁਮਾਰ ਅਤੇ ਹੋਰ ਯੂਨੀਅਨ ਆਗੂ ਵੀ ਮੌਜੂਦ ਸਨ ।

