ਮੁੱਖ ਮੰਤਰੀ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਟਾਟਾ ਟੈਕਨਾਲੋਜਿਜ਼ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ
ਕਿਹਾ, ਇਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ

ਚੰਡੀਗੜ੍ਹ, 4 ਮਈ (ਮਧੂਸਾਰ ਬਿਊਰੋ) ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਟਾਟਾ ਟੈਕਨਾਲੋਜਿਜ਼ (ਟੀਟੀਐਲ) ਗਲੋਬਲ ਉਦਯੋਗਿਕ ਭਾਈਵਾਲਾਂ ਅਤੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ (ਐਲ.ਟੀ.ਐਸ.ਯੂ) ਦੇ ਨਾਲ ਮਿਲ ਕੇ ਇਲੈਕਟ੍ਰਿਕ ਵਾਹਨਾਂ ਦੇ ਖੇਤਰ ਵਿੱਚ ਇੱਕ ਸਾਂਝਾ ਕੇਂਦਰ ਸਥਾਪਤ ਕਰੇਗਾ ਜੋ ਇਲੈਕਟ੍ਰਿਕ ਵਾਹਨਾਂ ਦੇ ਖੇਤਰ ਵਿੱਚ ਲੋੜੀਂਦੇ ਹੁਨਰ ਨੂੰ ਵਿਕਸਤ ਕਰੇਗਾ।
ਟਾਟਾ ਟੈਕਨਾਲੋਜਿਜ਼ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਵਿਚਾਰ-ਵਟਾਂਦਰੇ ਦੌਰਾਨ ਟਾਟਾ ਟੈਕਨਾਲੋਜਿਜ਼ ਦੇ ਗਲੋਬਲ ਸੀਈਓ ਵਾਰੇਨ ਹੈਰਿਸ, ਪ੍ਰੈਜੀਡੈਂਟ ਗਲੋਬਲ ਐਚਆਰ ਐਂਡ ਆਈਟੀ ਪਵਨ ਭਗੇਰੀਆ ਅਤੇ ਹੋਰਾਂ ਦੀ ਸ਼ਮੂਲੀਅਤ ਵਾਲੇ ਇਸ ਵਫ਼ਦ ਨੇ ਮੌਜੂਦਾ 250 ਕਰੋੜ ਰੁਪਏ ਦੇ ਨਿਵੇਸ਼ ਅਤੇ ਭਵਿੱਖ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਯੂਨਿਟ ਨੂੰ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਵਫ਼ਦ ਨੇ ਕਿਹਾ ਕਿ ਇਹ ਪੰਜਾਬ ਵਿੱਚ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਇਲੈਕਟ੍ਰਿਕ ਵਾਹਨਾਂ ਦੇ ਖੇਤਰ ਵਿੱਚ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਦੇ ਕਾਸ ‘ਤੇ ਜ਼ੋਰ ਦੇਵੇਗਾ। ਮੁਲਾਕਾਤੀ ਵਫ਼ਦ ਨੇ ਰਾਏ ਦਿੱਤੀ ਕਿ ਕੰਪਨੀ ਰਾਜ ਵਿੱਚ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਵੀ ਯਕੀਨੀ ਬਣਾਏਗੀ।ਇਸ ਪਹਿਲਕਦਮੀ ਦਾ ਸੁਆਗਤ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਟਾਟਾ ਟੈਕਨਾਲੋਜਿਜ਼ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਅਜਿਹੇ ਪ੍ਰਾਜੈਕਟਾਂ ਰਾਹੀਂ ਇੱਥੇ ਰੁਜ਼ਗਾਰ ਦੇ ਵਧੀਆ ਮੌਕੇ ਪੈਦਾ ਕਰਕੇ ਆਪਣੇ ਸੁਨਹਿਰੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀ ਨੌਜਵਾਨਾਂ ਦੇ ਰੁਝਾਨ ਨੂੰ ਵਾਪਸੀ ਦਾ ਮੋੜ ਦਿੱਤਾ ਜਾ ਸਕੇ।
ਇਸ ਬਾਰੇ ਹੋਰ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਪਣੇ ਉੱਦਮ ਸਥਾਪਤ ਕਰਨ ਲਈ ਪਹਿਲਾਂ ਤੋਂ ਹੀ ਦੇਸ਼ ਭਰ ਦੇ ਹੋਰ ਉਦਯੋਗਿਕ ਕਾਰੋਬਾਰੀਆਂ ਨੂੰ ਸੱਦਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਵੱਧ ਅਨੁਕੂਲ ਸਥਾਨਾਂ ਵਜੋਂ ਉਭਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਅਤੇ ਮਿਹਨਤੀ, ਸਮਰਪਿਤ ਅਤੇ ਹੁਨਰਮੰਦ ਮਨੁੱਖੀ ਸਰੋਤ ਕਿਸੇ ਵੀ ਉਦਯੋਗਿਕ ਵਿਕਾਸ ਲਈ ਵਰਦਾਨ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਪ੍ਰਮੁੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਜਸਪ੍ਰੀਤ ਤਲਵਾੜ ਸ਼ਾਮਲ ਸਨ। ਇਸ ਮੌਕੇ ਲਾਮਰੀਨ ਟੈਕਨੀਕਲ ਯੂਨੀਵਰਸਿਟੀ ਦੇ ਕੁਲਪਤੀ ਡਾ: ਸੰਦੀਪ ਸਿੰਘ ਕੌੜਾ, ਪ੍ਰਧਾਨ ਆਰ.ਈ.ਆਰ.ਟੀ. ਨਿਰਮਲ ਸਿੰਘ ਰਿਆਤ ਅਤੇ ਡਾਇਰੈਕਟਰ ਲਾਮਰੀਨ ਯੂਨੀਵਰਸਿਟੀ ਸਤਬੀਰ ਸਿੰਘ ਵੀ ਹਾਜ਼ਰ ਸਨ।

