ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੁਲਿਸ ਡੀ.ਏ.ਵੀ ਪਬਲਿਕ ਸਕੂਲ ਪਟਿਆਲਾ ਆਪਣੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਮੌਜੂਦਾ ਹਾਲਾਤਾਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣੂ ਕਰਵਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ। ਅੱਜ ਸਕੂਲ ਵੱਲੋਂ ਸ਼ਹਿਰ ਵਾਸੀਆਂ ਲਈ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਸਬੰਧੀ ਸਰਕਾਰ ਦੇ ਉਪਰਾਲੇ ਅਤੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਲਈ ਨੁੱਕੜ ਨਾਟਕ ਪੇਸ਼ ਕੀਤਾ। ਉਨ੍ਹਾਂ ਨੇ ਸਰਕਾਰੀ ਸਕੀਮਾਂ ਨੂੰ ਨਾ ਅਪਨਾਉਣ ਵਾਲੇ ਲੋਕਾਂ ਅਤੇ ਕਿਸਾਨਾਂ ਦੀ ਦੁਰਦਸ਼ਾ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਇੱਕ ਚੰਗੇ ਨਾਗਰਿਕ ਵਜੋਂ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ। ਵਿਦਿਆਰਥੀਆਂ ਨੇ ਕੀਮਤੀ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਡੀਐਸਆਰ ਦੇ ਲਾਭਾਂ ਬਾਰੇ ਵੀ ਦੱਸਿਆ।
ਪਟਿਆਲਾ ਵਾਸੀਆਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਪਾਣੀ ਦੀ ਖਪਤ ਦਿਨੋਂ-ਦਿਨ ਚਿੰਤਾਜਨਕ ਦਰ ਨਾਲ ਵੱਧ ਰਹੀ ਹੈ। ਇਸ ਨਾਲ ਪਾਣੀ ਦੀ ਕਮੀਂ ਹੋ ਸਕਦੀ ਹੈ। ਇਸ ‘ਤੇ ਕਾਬੂ ਪਾਉਣ ਦਾ ਤਰੀਕਾ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਅਤੇ ਕੀਮਤੀ ਜਲ ਸਰੋਤਾਂ ਨੂੰ ਖ਼ਤਮ ਹੋਣ ਤੋਂ ਰੋਕਣ ਸਬੰਧੀ ਉਪਾਅ ਕਰਨਾ ਹੈ। ਵਿਦਿਆਰਥੀ ਸਰਕਾਰ ਦੇ ਇਸ ਉਪਰਾਲੇ ਬਾਰੇ ਜਾਗਰੂਕ ਕਰਨ ਅਤੇ ਇਸ ਸਬੰਧੀ ਮਦਦ ਲੈਣ ਲਈ ਇਲਾਕਾ ਵਾਸੀਆਂ ਖਾਸ ਕਰਕੇ ਕਿਸਾਨਾਂ ਨਾਲ ਸੰਪਰਕ ਕਰਨ ਲਈ ਬਹੁਤ ਉਤਸ਼ਾਹਿਤ ਸਨ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮੀਨਾ ਥਾਪਰ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਪਾਣੀ ਦੀ ਸੰਕਟ ਦੀ ਸਥਿਤੀ ਨੂੰ ਘੱਟ ਕਰਨ ਲਈ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਸਾਰਿਆਂ ਨੂੰ ਅਜਿਹੇ ਢੰਗ ਤਰੀਕੇ ਅਪਨਾਉਣ ਦੀ ਅਪੀਲ ਕੀਤੀ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

