ਵਰਲਡ ਯੂਨੀਵਰਸਿਟੀ ਵਿਖੇ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਸਬੰਧੀ ਸਮਾਗਮ ਆਯੋਜਿਤ
ਫਤਹਿਗੜ੍ਹ ਸਾਹਿਬ (ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ ਚੁਰਾਸੀ ਦੇ ਘੱਲੂਘਾਰੇ ਦੀ ਯਾਦ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਵਿੱਚ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ, ਵਾਈਸ ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਸਮੇਤ ਸਮੂਹ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਅਤੇ ਵਿਦਿਆਰਥੀ ਸ਼ਾਮਲ ਹੋਏ। ਸਮਾਗਮ ਦੌਰਾਨ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਜੀਵਨ, ਬਾਣੀ ਅਤੇ ਸ਼ਹਾਦਤ ਬਾਰੇ ਵਿਚਾਰਾਂ ਹੋਈਆਂ।
ਸੰਗਤ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਭਾਰਤੀ ਉਪ ਮਹਾਂਦੀਪ ਦੇ ਪਹਿਲੇ ਐਸੇ ਸ਼ਹੀਦ ਹਨ ਜਿਨ੍ਹਾਂ ਨੇ ਤਤਕਾਲੀ ਹਕੂਮਤ ਦੇ ਜਬਰ ਜ਼ੁਲਮ ਖ਼ਿਲਾਫ਼ ਸ਼ਹਾਦਤ ਦਿੱਤੀ ਅਤੇ ਧਰਮ ਦੀ ਬੁਨਿਆਦ ਮਜ਼ਬੂਤ ਕੀਤੀ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਿਆਂ, ਹੱਕ, ਸੱਚ ਦੀ ਰਾਖੀ ਖਾਤਰ ਸੀ ਜੋ ਭਾਰਤੀ ਉਪ ਮਹਾਂਦੀਪ ਵਿਚ ਐਸੀ ਪ੍ਰੇਰਨਾ ਬਣੀ ਕਿ ਉਸ ਤੋਂ ਬਾਅਦ ਸਮੁੱਚੇ ਸਿੱਖ ਇਤਿਹਾਸ ਨੇ ਗੁਰੂ ਜੀ ਦੇ ਨਕਸ਼ੇ ਕਦਮਾਂ ਉੱਪਰ ਤੁਰ ਕੇ ਨਵਾਂ ਇਤਿਹਾਸ ਸਿਰਜਿਆ ਅਤੇ ਜ਼ਾਲਮ ਹਕੂਮਤ ਦੀ ਜੜ੍ਹ ਇਸ ਧਰਤੀ ਤੋਂ ਸਦਾ ਲਈ ਪੁੱਟ ਦਿੱਤੀ। ਯੂਨੀਵਰਸਿਟੀ ਵਿਖੇ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ ਚੁਰਾਸੀ ਦੇ ਸ਼ਹੀਦਾਂ ਦੀ ਯਾਦ ਵਿੱਚ ਇਹ ਸਮਾਗਮ ਹਰ ਸਾਲ ਭਾਰੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾ ਕੇ ਸਮੂਹ ਸੰਗਤਾਂ ਦੀ ਸੇਵਾ ਕੀਤੀ।

