ਏਡਿਡ ਕਾਲਿਜਜ਼ ਮੈਨੇਜਮੈਂਟ ਨੇ ਕੇਂਦਰੀਕ੍ਰਿਤ ਦਾਖਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜੰਗ ਵਿੱਢਣ ਦਾ ਕੀਤਾ ਐਲਾਨ
ਛੀਨਾ ਨੇ ਕਿਹਾ ਖਾਮੀਆਂ ਨਾਲ ਭਰਿਆ ਫੈਸਲਾ ਅਤੇ ਦਾਖਲੇ ਨੂੰ ਨਿੱਜੀ ਹੱਥਾਂ ’ਚ ਦੇਣ ’ਤੇ ਕੀਤਾ ਜਾਵੇਗਾ ਤਿੱਖਾ ਸੰਘਰਸ਼
ਅੰਮ੍ਰਿਤਸਰ/ਚੰਡੀਗੜ੍ਹ, 10 ਜੂਨ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਯੂ. ਟੀ. ਚੰਡੀਗੜ ਦੇ ਸਮੂਹ ਏਡਿਡ ਕਾਲਜਾਂ ’ਚ ਦਾਖਲਿਆਂ ਨੂੰ ਕੇਂਦਰੀਕ੍ਰਿਤ ਕਰਨ ਸਬੰਧੀ ਲਿਆ ਗਿਆ ਫ਼ੈਸਲਾ ਵਿਵਾਦਾਂ ’ਚ ਘਿਰ ਗਿਆ ਹੈ। ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਵੱਲੋਂ ਇਸ ਸਬੰਧੀ ਭਵਿੱਖ ’ਚ ਹੰਗਾਮੀ ਮੀਟਿੰਗਾਂ ਕਰਕੇ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਲਈ ਰੂਪ ਰੇਖਾ ਉਲੀਕੀ ਜਾ ਰਹੀ ਹੈ। ਫ਼ੈਡਰੇਸ਼ਨ ਵੱਲੋਂ ਆਉਣ ਵਾਲੇ ਸਮੇਂ ’ਚ ਇਸ ਬਾਰੇ ਇਕ ਵੱਡੇ ਅਭਿਆਨ ਛੇੜਣ ਦਾ ਜ਼ਿਕਰ ਕਰਦਿਆਂ ਫ਼ੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਦਾ ਇਹ ਫ਼ੈਸਲਾ ਇਕ ਤਰਫ਼ਾ ਅਤੇ ਖਾਮੀਆਂ ਭਰਪੂਰ ਹੈ, ਜਿਸ ਨੂੰ ਬਿਨ੍ਹਾਂ ਸੋਚੇ ਸਮਝੇ ਕਾਲਜ਼ਾਂ ’ਤੇ ਥੋਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਕਾਲਜਾਂ ਵੱਲੋਂ ਹੜਤਾਲ ਕਰਕੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਲਿਖੇ ਪੱਤਰ ’ਚ ਫੈਡਰੇਸ਼ਨ ਵੱਲੋਂ ਅਫਸਰਸ਼ਾਹੀ ’ਤੇ ਨਿਸ਼ਾਨਾ ਸਾਂਧਦਿਆਂ ਮੌਜੂਦਾ ਸਰਕਾਰ ਨੂੰ ਸਿੱਖਿਆ ਵਿਭਾਗ ਅਤੇ ਡੀ. ਪੀ. ਆਈ. ਪੰਜਾਬ ਦੇ ਮਹਿਕਮਿਆਂ ਨੂੰ ਨਕੇਲ੍ਹ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੰਨ੍ਹੇ ਬੇਕਾਬੂ ਹੋ ਗਏ ਹਨ ਕਿ ਉਪਰੋਕਤ ਵਿਭਾਗਾਂ ਨੂੰ ਲਗਾਤਾਰ ਲਿਖੇ ਜਾ ਰਹੇ ਪੱਤਰ ਅੱਖੋਂ ਪਰੋਖੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਅਫ਼ਸਰਸ਼ਾਹੀ ਸੰਜੀਦਾ ਹੋਣ ਦੀ ਬਜਾਏ ਭੇਦਭਾਵ ਵਾਲਾ ਵਤੀਰਾ ਅਪਨਾ ਰਹੀ ਹੈ। ਸ: ਛੀਨਾ ਨੇ ਕਿਹਾ ਕਿ ਸਰਕਾਰ ਕਾਲਜਾਂ ਦੇ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਪੂਰੀ ਤਰ੍ਹਾਂ ਗੈਰ ਜ਼ਿੰਮੇਵਾਰਨਾ ਰਵੱਈਆ ਅਪਨਾ ਕੇ ਉਚ ਸਿੱਖਿਆ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਇਸ ਵਤੀਰੇ ਤੋਂ ਹੈਰਾਨ ਹਨ। ਉਨ੍ਹਾਂ ਕਿਹਾ ਕਿ ਉਕਤ ਫੈਸਲਾ ਮਨਮਾਨੇ ਢੰਗ ਨਾਲ ਬਿਨ੍ਹਾਂ ਸੋਚੇ ਸਮਝੇ ਕਾਲਜਾਂ ’ਤੇ ਥੋਪਿਆ ਜਾ ਰਿਹਾ ਹੈ। ਉਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ ਅਤੇ ਜਨਰਲ ਸਕੱਤਰ ਐਸ. ਐਮ. ਸ਼ਰਮਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰੀ ਵਿਭਾਗ ਨਿੱਜੀ ਹੱਥਾਂ ਦੀਆਂ ਕਠਪੁਤਲੀਆਂ ਬਣੀਆਂ ਹੋਈਆਂ ਹਨ ਅਤੇ ਦਾਖਲਿਆਂ ਪ੍ਰਤੀ ਇਕ ਵੈਬਸਾਈਟ ਬਣਾ ਕੇ ਸਾਰਾ ਕਾਰਜ ਮੁੰਬਈ ਦੀ ਇਕ ਪ੍ਰਾਈਵੇਟ ਆਈ. ਟੀ. ਕੰਪਨੀ ਨੂੰ ਦੇ ਦਿੱਤਾ ਗਿਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਦਾਖਲਿਆਂ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਾਲਜਾਂ ਕੋਲ ਪਹਿਲਾਂ ਹੀ ਆਪਣੇ ਆਨਲਾਈਨ ਪੋਰਟਲ ਹਨ ਜੋ ਦਾਖਲਿਆਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਛੀਨਾ ਨੇ ਕਿਹਾ ਕਿ ਸਰਕਾਰ ਦਾ ਫੈਸਲਾ ਪੱਖਪਾਤੀ ਹੈ ਕਿਉਂਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਇਸ ਸਿਸਟਮ ਤੋਂ ਬਾਹਰ ਰੱਖਿਆ ਗਿਆ ਹੈ। ਸ: ਛੀਨਾ ਨੇ ਕਿਹਾ ਕਿ ਪਹਿਲਾਂ ਆਨਾਲਾਈਨ ਕੇਂਦਰੀਕ੍ਰਿਤ ਦਾਖਲਿਆਂ ਸਬੰਧੀ ਬੀ. ਐੱਡ ਅਤੇ ਲਾਅ ਕਾਲਜਾਂ ਲਈ ਸਰਕਾਰ ਦੁਆਰਾ ਐਲਾਨ ਕੀਤਾ ਗਿਆ ਸੀ ਅਤੇ ਅਜਿਹੇ ਸਿਸਟਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਇਸ ਲਈ ਇਹ ਫੈਸਲਾ ਵਾਪਸ ਲਿਆ ਜਾਣਾ ਚਾਹੀਦਾ ਹੈ ਅਤੇ ਕਾਲਜਾਂ ਨੂੰ ਦਾਖਲਿਆਂ ਸਬੰਧੀ ਮੌਜ਼ੂਦਾ ਖੁਦਮੁਖਤਿਆਰੀ ਬਹਾਲ ਰਹਿਣੀ ਚਾਹੀਦੀ ਹੈ। ਇੱਥੋਂ ਤੱਕ ਕਿ ਇਸ ’ਚ ਸ਼ਾਮਲ ਪ੍ਰਸ਼ਾਸਨਿਕ ਅਤੇ ਵਿੱਤੀ ਚੁਣੌਤੀਆਂ ਵੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਦੇ 142 ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੇ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਉਹ ਇਸ ਕਦਮ ਦਾ ਡੱਟ ਕੇ ਵਿਰੋਧ ਕਰਨਗੇ ਅਤੇ ਲੋੜ ਪੈਣ ’ਤੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਕਾਲਜਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਕੇ ਹੜਤਾਲ ਕਰਨਗੇ।
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸਿੱਖਿਆ ਵਿਭਾਗ ਦੇ ਵੱਖ-ਵੱਖ ਫੈਸਲੇ ਖੇਤਰ ’ਚ ਸਹਾਇਤਾ ਪ੍ਰਾਪਤ ਕਾਲਜਾਂ ਦੀ ਖੁਦਮੁਖਤਿਆਰੀ ਅਤੇ ਕੰਮਕਾਜ ਲਈ ਨੁਕਸਾਨਦੇਹ ਸਾਬਤ ਹੋ ਰਹੇ ਹਨ। ਮੰਦਭਾਗੀ ਗੱਲ ਇਹ ਹੈ ਕਿ ਇਸ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀ ਫੀਸ ਕਾਲਜਾਂ ਦੇ ਬੈਂਕ ਖਾਤਿਆਂ ’ਚ ਨਹੀਂ ਸਗੋਂ ਪ੍ਰਾਈਵੇਟ ਫਰਮ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਹੋਣਗੀਆਂ, ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਇਹ ਨਿੱਜੀ ਫਰਮ ਦੇ ਆਉਣ ਨਾਲ ਉੱਚ ਸਿੱਖਿਆ ਸੰਸਥਾਵਾਂ ’ਚ ਦਾਖਲਾ ਲੈਣ ਵਾਲੇ ਲੱਖਾਂ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਦੀਆਂ ਸਾਰੀਆਂ ਅਪੀਲਾਂ ਨੂੰ ਦਰਕਿਨਾਰ ਕਰਕੇ ਸਰਕਾਰ ਮੱਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਸ ਕਰਕੇ ਉਨ੍ਹਾਂ ਕੋਲ ਤਿੱਖੇ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਛੀਨਾ ਨੇ ਕਿਹਾ ਕਿ ਪਹਿਲਾਂ ਹੀ ਸਿੱਖਿਆ ਪ੍ਰਣਾਲੀ ਵਿਦਿਆਰਥੀਆਂ ਦੇ ਵਿਦੇਸ਼ਾਂ ਨੂੰ ਜਾਣ ਕਾਰਨ ਮੁਸ਼ਕਿਲਾਂ ’ਚੋਂ ਲੰਘ ਰਹੀ ਹੈ ਅਤੇ ਸਰਕਾਰ ਉਚ ਸਿੱਖਿਆ ਨੂੰ ਬਚਾਉਣ ਦੀ ਬਜਾਏ ਦਬਾਉਣ ਦੀ ਨੀਤੀ ਅਪਨਾ ਰਹੀ ਹੈ।

