ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਵੱਲੋਂ ਬੱਚਿਆਂ ਲਈ ਗੁਰਮਤਿ ਕਲਾਸਾਂ ਦੀ ਸ਼ੁਰੂਆਤ 14 ਜੂਨ ਨੂੰ : ਜਥੇਦਾਰ ਟੌਹੜਾ

ਗੁਰਮਤਿ ਰਿਹਾਇਸ਼ੀ ਕੈਂਪ ਸਬੰਧੀ ਪ੍ਰਚਾਰਕ ਸਾਹਿਬਾਨ ਅਤੇ ਪ੍ਰਬੰਧਕਾਂ ਨਾਲ ਉਲੀਕੀ ਰੂਪ ਰੇਖਾ

ਪਟਿਆਲਾ 12 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਰਿਹਾਇਸ਼ੀ ਕੈਂਪ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 14 ਜੂਨ ਨੂੰ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਪ੍ਰਚਾਰਕ ਸਾਹਿਬਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਦਿੱਤੀ।
ਗੁਰਮਤਿ ਰਿਹਾਇਸ਼ੀ ਕੈਂਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਵਿਚ ਛੇਵੀਂ ਤੋਂ ਬਾਹਰਵੀ ਤੱਕ ਦੇ ਵਿਦਿਆਰਥੀਆਂ ਨੂੰ ਗੁਰਮਤਿ ਗਿਆਨ ਨਾਲ ਜੋੜਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਕਿ ਅਜੌਕੀ ਪੀੜੀ ਨੂੰ ਇਤਿਹਾਸ ਅਤੇ ਵਿਰਾਸਤ ਨਾਲ ਜੋੜਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ 14 ਜੂਨ ਤੋਂ 20 ਤੱਕ ਗੁਰਮਤਿ ਰਿਹਾਇਸ਼ੀ ਕੈਂਪਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਇਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਸੰਥਿਆ, ਗੁਰੂ ਇਤਿਹਾਸ, ਦੁਮਾਲਾ ਸਿਖਲਾਈ ਅਤੇ ਗੱਤਕਾ ਟ੍ਰੇਨਿੰਗ ਆਦਿ ਦਿੱਤੀ ਜਾਵੇਗੀ। ਜਥੇਦਾਰ ਟੌਹੜਾ ਨੇ ਦੱਸਿਆ ਕਿ ਗੁਰਮਤਿ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਰਿਹਾਇਸ਼ ਪ੍ਰਬੰਧ ਕੀਤਾ ਗਿਆ ਅਤੇ ਇਸ ਦੌਰਾਨ ਬੱਚਿਆਂ ਨੂੰ ਤਖਤ ਸਾਹਿਬਾਨ ਦੀ ਯਾਤਰਾ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚੇ ਆਪਣੇ ਮਾਪਿਆਂ ਦੀ ਸਹਿਮਤੀ ਜ਼ਰੂਰ ਲੈਣ। ਜਥੇਦਾਰ ਟੌਹੜਾ ਨੇ ਦੱਸਿਆ ਕਿ ਕੈਂਪ ਦੇ ਆਖਰੀ ਦਿਨ ਗਿਆਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਵੀ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਨੱਥਾ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਪਰਵਿੰਦਰ ਸਿੰਘ ਰਿਓਂਦ, ਗੁਰਦੀਪ ਸਿੰਘ ਸ਼ੇਖੂਪੁਰ ਤੋਂ ਇਲਾਵਾ ਆਦਿ ਸਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *