ਵਰਲਡ ਯੂਨੀਵਰਸਿਟੀ ਵੱਲੋਂ ‘ਜਰਨਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼’ ਦਾ ਅਗਲਾ ਅੰਕ ਲੋਕ ਅਰਪਣ*
ਫ਼ਤਿਹਗਡ਼੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਪ੍ਰਕਾਸ਼ਤ ਕੀਤੀ ਜਾਂਦੀ ਖੋਜ ਪੱਤਿ੍ਕਾ ‘ਜਰਨਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼’ ਦਾ ਅਗਲਾ ਅੰਕ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਇਸ ਵਿਸ਼ੇਸ਼ ਅੰਕ ਵਿਚ ਦੇਸ਼ ਅਤੇ ਵਿਦੇਸ਼ ਦੇ ਗਿਆਰਾਂ ਵਿਦਵਾਨ ਖੋਜੀਆਂ ਦੇ ਪਰਚੇ ਪ੍ਰਕਾਸ਼ਤ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਵਰਲਡ ਯੂਨੀਵਰਸਿਟੀ ਗੁਰੂ ਸਾਹਿਬਾਨ ਦੇ ਜੀਵਨ, ਸਿੱਖਿਆਵਾਂ ਅਤੇ ਬਾਣੀ ਦੇ ਗੰਭੀਰ ਅਧਿਐਨ ਲਈ ਵਚਨਬੱਧ ਹੈ।
ਇਸ ਮੌਕੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਖੋਜ ਪੱਤ੍ਰਿਕਾ ਦੀ ਸੰਪਾਦਕ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੀ ਮੁਖੀ ਡਾ. ਕਿਰਨਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਅਜਿਹੇ ਖੋਜ ਅਧਿਐਨ ਦੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਉਕਤ ਇੰਟਰਨੈਸ਼ਨਲ ਸਟੈਂਡਰਡ ਸੀਰੀਅਲ ਨੰਬਰ ਵਾਲੀ ਇਹ ਖੋਜ ਪਤ੍ਰਿਕਾ ਅਧਿਐਨ ਅਤੇ ਖੋਜ ਜਗਤ ਦੇ ਸਿਰਮੌਰ ਵਿਦਵਾਨਾ ਰਾਹੀਂ ਰੀਵਿਊ ਕੀਤੀ ਜਾਂਦੀ ਹੈ। ਇਸ ਮੌਕੇ ਡਾ. ਕਿਰਨਦੀਪ ਕੌਰ, ਸੰਪਾਦਕ ਨੇ ਖੋਜ ਪਰਚੇ ਭੇਜਣ ਵਾਲੇ ਸਮੂਹ ਵਿਦਵਾਨ ਸੱਜਣਾਂ ਅਤੇ ਮੁਲੰਕਣਕਾਰਾਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਅੱਗੇ ਵਾਸਤੇ ਵੀ ਅਜਿਹਾ ਹੀ ਸਹਿਯੋਗ ਮਿਲਦਾ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਅਤੇ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਹਰਦੇਵ ਸਿੰਘ ਵੀ ਹਾਜ਼ਰ ਸਨ।

