ਪੰਜਾਬ

ਅਗਨੀਪੱਥ ਸਕੀਮ ਖਿਲਾਫ 24 ਨੂੰ ਹੋਣਗੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ : ਬੀਬਾ ਰਾਜਵਿੰਦਰ ਕੌਰ ਰਾਜੂ

ਨੌਜਵਾਨ ਕਿਸਾਨ ਅੰਦੋਲਨ ਦੀ ਤਰਜ਼ ‘ਤੇ ਅਹਿੰਸਕ ਢੰਗ ਨਾਲ ਅੰਦੋਲਨ ਚਲਾਉਣ : ਮਹਿਲਾ ਕਿਸਾਨ ਯੂਨੀਅਨ ਵੱਲੋਂ ਅਪੀਲ

ਜਲੰਧਰ, (ਮਧੂਸਾਰ ਬਿਊਰੋ) ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇ ਵਿਰੋਧ ਵਿੱਚ 24 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਅਗਵਾਈ ਹੇਠ ਦੇਸ਼ ਭਰ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ, ਸਬ ਡਵੀਜ਼ਨ ਤੇ ਤਹਿਸੀਲ ਪੱਧਰ ਉਤੇ ਸਰਕਾਰੀ ਅਧਿਕਾਰੀਆਂ ਨੂੰ ਰਾਸ਼ਟਰਪਤੀ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ਸੌਂਪੇ ਜਾਣਗੇ। ਇਨ੍ਹਾਂ ਰੋਸ ਮੁਜ਼ਾਹਰਿਆਂ ਵਿੱਚ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਸ਼ਮੂਲੀਅਤ ਕਰਕੇ ਬੇਰੁਜ਼ਗਾਰਾਂ ਦੇ ਹੱਕ ਵਿੱਚ ਅਤੇ ਜਨਤਾ ਵਿਰੋਧੀ ਨੀਤੀਆਂ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੀਆਂ। ਅੱਜ ਇੱਥੇ ਇੱਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਜਿੰਦਰ ਕੌਰ ਰਾਜੂ ਨੇ ਕਿਹਾ ਕਿ 24 ਜੂਨ ਨੂੰ ਸਵੇਰੇ ਜ਼ਿਲ੍ਹਾ ਸਕੱਤਰੇਤ ਜਲੰਧਰ ਦੇ ਸਾਹਮਣੇ ਪ੍ਰਦਰਸ਼ਨ ਕਰਕੇ ਇਹ ਮੰਗ ਪੱਤਰ ਜ਼ਿਲ੍ਹਾ ਮੈਜਿਸਟਰੇਟ ਨੂੰ ਸੌਂਪਿਆ ਜਾਵੇਗਾ ਅਤੇ ਇਸ ਪ੍ਰੋਗਰਾਮ ਪ੍ਰਤੀ ਸਾਰੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸਮੂਹ ਟਰੇਡ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਅਤੇ ਹੋਰਨਾਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬੇਰੁਜ਼ਗਾਰ ਨੌਜਵਾਨਾਂ ਲਈ ਪੱਕੀਆਂ ਨੌਕਰੀਆਂ ਦੀ ਮੰਗ ਖਾਤਰ 24 ਜੂਨ ਨੂੰ ਕੀਤੇ ਜਾ ਰਹੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਨੂੰ ਸਫਲ ਬਣਾਉਣ।

ਮਹਿਲਾ ਕਿਸਾਨ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਲਾਗੂਕਰਨ ‘ਤੇ ਤੁਰੰਤ ਰੋਕ ਲਗਾ ਕੇ ਸਥਾਈ ਰੁਜ਼ਗਾਰ ਮੰਗ ਰਹੇ ਦੇਸ਼ ਦੇ ਨੌਜਵਾਨਾਂ ਖਾਸਕਰ ਭਰਤੀ ਹੋਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਸੰਤੁਸ਼ਟ ਕੀਤਾ ਜਾਵੇ। ਬੀਬਾ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਨਤਾ ਅਤੇ ਸੰਸਦ ਨੂੰ ਭਰੋਸੇ ਵਿੱਚ ਲਏ ਬਿਨਾਂ ਲਾਗੂ ਕੀਤੀ ਗਈ ਇਹ ਅਗਨੀਪਥ ਸਕੀਮ ਪੂਰੀ ਤਰ੍ਹਾਂ ਇੱਕਤਰਫਾ ਅਤੇ ਗੈਰਪ੍ਰਸੰਗਿਕ ਹੈ ਅਤੇ ਕਿਸੇ ਵੀ ਤਰ੍ਹਾਂ ਇਹ ਯੋਜਨਾ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਕਿਸਾਨ ਅੰਦੋਲਨ ਦੀ ਤਰਜ਼ ‘ਤੇ ਇਨ੍ਹਾਂ ਅੰਦੋਲਨਾਂ ਨੂੰ ਅਹਿੰਸਕ ਢੰਗ ਨਾਲ ਚਲਾਉਣ ਅਤੇ ਹਰ ਤਰ੍ਹਾਂ ਦੀਆਂ ਮਾੜੀਆਂ ਘਟਨਾਵਾਂ ਤੋਂ ਦੂਰ ਰਹਿ ਕੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਜੂਝਣ। ਬੀਬਾ ਰਾਜੂ ਨੇ ਦੱਸਿਆ ਕਿ ਹਾਲ ਹੀ ਵਿੱਚ ਕਰਨਾਲ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਗਠਿਤ ਸੱਤ ਮੈਂਬਰੀ ਕਮੇਟੀ ਨੇ ਇਸ ਯੋਜਨਾ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *