ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ
ਚੰਡੀਗੜ੍ਹ (ਮਧੂਸਾਰ ਬਿਊਰੋ) – ਚੰਡੀਗੜ੍ਹ- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਚੋਣਾਂ ਦੇ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਜਲਵਾਯੂ ਪਰਿਵਰਤਨ, ਵਾਤਾਵਰਨ, ਖੇਤੀ ਨਾਲ ਸਬੰਧਤ ਸਮੱਸਿਆਵਾਂ ਬਾਰੇ ਕਮੇਟੀ ਵਿੱਚ ਰਾਜ ਸਭਾ ਵਿੱਚ ਕਿਸਾਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ ਚੁੱਕਣਗੇ। ਉਨ੍ਹਾਂ ਕਿਹਾ ਹਾਲੇ ਤੱਕ Syl ਦਾ ਮਸਲਾ ਹੱਲ ਨਹੀਂ ਹੋਇਆ ਕਿਉਂਕਿ ਸਿਆਸਤ ਹੁੰਦੀ ਰਹੀ ਹੈ।
ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਮੱਤੇਵਾੜਾ ਦੇ ਜੰਗਲ ਨੂੰ ਕੋਈ ਨਹੀਂ ਵਿਗਾੜ ਸਕਦਾ, ਇਹ ਮਾਮਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਕੋਰਟ ਵਿੱਚ ਚੱਲ ਰਿਹਾ ਹੈ। ਸਾਨੂੰ ਕੋਰਟ ਉਤੇ ਪੂਰਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਯਾਦ ਰਹੇ ਕਿ ਮੱਤੇਵਾੜਾ ਜੰਗਲ ਦੀ ਥਾਂ ਟੈਕਸਟਾਈਲ ਪਾਰਕ ਬਣਾਉਣ ਦੀ ਤਜ਼ਵੀਜ ਹੈ।
ਪਾਣੀ ਬਾਰੇ ਗੱਲ ਕਰਦਿਆਂ ਸੀਚੇਵਾਲ ਨੇ ਕਿਹਾ ਕਿ ਪੰਜਾਬ ਖੁਦ ਪਾਣੀ ਦੀ ਤੀਜੀ ਪਰਤ ਵਰਤ ਰਿਹਾ ਹੈ ਜਿਸ ਨੂੰ ਸੁਰੱਖਿਅਤ ਰੱਖਣ ਦੀ ਸਾਨੂੰ ਲੋੜ ਹੈ। ਸੀਚੇਵਾਲ ਨੇ ਕਿਹਾ ਸੀ ਕਿ ਮੇਰੀ ਇਹ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਵਾਤਾਵਰਨ ਸ਼ੁੱਧ ਰਹੇ ਅਤੇ ਦਰਿਆਵਾਂ ਦਾ ਪਾਣੀ ਵੀ ਸ਼ੁੱਧ ਰਹੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਧਰਤੀ ਹੇਠਲੇ ਪਾਣੀ ਦੀ ਕਮੀ ਹੋ ਰਹੀ ਹੈ, ਮੈਂ ਇਸ ਨੂੰ ਸੁਧਾਰਨ ਲਈ ਵੀ ਕੰਮ ਕਰਾਂਗਾ।

