ਕੇਰਲ ਦੇ ਕੁਨੂਰ ‘ਚ ਆਰਐੱਸਐੱਸ ਦਫ਼ਤਰ ‘ਤੇ ਹਮਲਾ ਨਿੰਦਣਯੋਗ: ਤਰੁਣ ਚੁੱਘ
ਕੇਰਲ ਵਿੱਚ ਕਾਂਗਰਸ ਅਤੇ ਖੱਬੇ ਪੱਖੀ ਬਦਲਾਖੋਰੀ ਅਤੇ ਹਿੰਸਾ ਦੀ ਮੰਦਭਾਗੀ ਰਾਜਨੀਤੀ – ਤਰੁਣ ਚੁੱਘ
ਚੰਡੀਗੜ੍ਹ, 12 ਜੁਲਾਈ (ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਰਲ ਦੇ ਕੂਨੂਰ ਵਿੱਚ ਸੰਘ ਦੇ ਦਫ਼ਤਰ ‘ਤੇ ਹੋਏ ਹਮਲੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਕਾਇਰਤਾਪੂਰਨ ਕਾਰਾ ਕਰਨ ਵਾਲੀਆਂ ਤਾਕਤਾਂ ਲੋਕਤੰਤਰ ਵਿਰੋਧੀ ਮਾਨਸਿਕਤਾ ਨਾਲ ਭਰੀਆਂ ਹੋਈਆਂ ਹਨ। ਕੇਰਲ ਸਰਕਾਰ ਦੀ ਨਿੰਦਾ ਕਰਦੇ ਹੋਏ ਚੁੱਘ ਨੇ ਕਿਹਾ ਕਿ ਕਾਂਗਰਸ ਅਤੇ ਖੱਬੇ ਪੱਖੀ ਮਿਲ ਕੇ ਰਾਜ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਖਿਲਾਫ ਬਦਲਾਖੋਰੀ ਅਤੇ ਹਿੰਸਾ ਦੀ ਰਾਜਨੀਤੀ ਕਰ ਰਹੇ ਹਨ। ਕੇਰਲ ਦੀ ਖੱਬੇ ਪੱਖੀ ਸਰਕਾਰ ‘ਤੇ ਚੁਟਕੀ ਲੈਂਦਿਆਂ ਚੁੱਘ ਨੇ ਕਿਹਾ ਕਿ ਸੰਘ ਦੀ ਵਿਚਾਰਧਾਰਾ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਦੇਸ਼ ਦੇ ਲੋਕਤੰਤਰ ਦਾ ਕਤਲ ਹੈ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਨੰਗਾ ਕਰਦਾ ਹੈ।
ਚੁੱਘ ਨੇ ਕਿਹਾ ਕਿ ਰਾਜ ਵਿੱਚ ਸੰਘ ਦੀ ਵਿਚਾਰਧਾਰਾ ਦੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜੇਕਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਂਦੀ ਤਾਂ ਅੱਜ ਕੇਰਲਾ ਵਿੱਚ ਇਹ ਹਾਲਾਤ ਨਾ ਹੁੰਦੇ। ਚੁੱਘ ਨੇ ਕੇਰਲ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਲੋਕਾਂ ਅਤੇ ਸੰਘ ਦਫਤਰਾਂ ‘ਤੇ ਹਮਲਾ ਕਰਨ ਵਾਲੀਆਂ ਤਾਕਤਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਕੇਰਲ ਸਰਕਾਰ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

