ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਸ਼੍ਰੀ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਹਜ਼ੂਰੀ ਰਾਗੀ ਭਾਈ ਹਰਪ੍ਰੀਤ ਸਿੰਘ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਗੁਰੂ ਸਾਹਿਬ ਨੂੰ ਸੂਝ, ਸਿਆਣਪ ਅਤੇ ਦਿ੍ਰੜਤਾ ਕਰਕੇ ਮਿਲੀ ‘ਬਾਲ ਗੁਰਿਆਈ’ : ਪ੍ਰੋ. ਬਡੂੰਗਰ
ਪਟਿਆਲਾ 22 ਜੁਲਾਈ (ਮਧੂਸਾਰ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਸ਼੍ਰੀ ਹਰਿਕ੍ਰਿਸ਼ਨ ਜੀ ਆਗਮਨ ਪੁਰਬ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਮੁੱਖਵਾਕ ਲਿਆ। ਦੀਵਾਨ ਹਾਲ ਵਿਖੇ ਰੱਖੇ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੁੜੀ ਸੰਗਤਾਂ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਸ਼੍ਰੀ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਤਿਹਾਸ ਨਾਲ ਜੋੜਦਿਆਂ ਚਾਨਣਾ ਪਾਇਆ ਕਿ ਗੁਰੂ ਸਾਹਿਬ ਨੂੰ ਪੰਜ ਸਾਲ ਦੀ ਉਮਰ ਵਿਚ ਹੀ ਗੁਰਿਆਈ ਮਿਲੀ ਸੀ ਅਤੇ ਅੱਠ ਸਾਲ ਦੀ ਉਮਰ ਵਿਚ ਹੀ ਉਹ ਜੋਤੀ ਜੋਤ ਸਮਾ ਗਏ ਸਨ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਗੁਰੂ ਸਾਹਿਬ ਨੇ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਸੂਝ, ਸਿਆਣਪ ਅਤੇ ਦਿ੍ਰੜਤਾ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ, ਜਿਨਾਂ ਨੂੰ ਸੰਸਾਰ ਭਰ ਵਿਚ ਬਾਲ ਗੁਰੂ ਜਾਂ ਫਿਰ ਬਾਲਾ ਪ੍ਰੀਤਮ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਨਾਂ ਦੱਸਿਆ ਕਿ ਗੁਰੂ ਸਾਹਿਬ ਨੇ ਛੋਟੀ ਉਮਰ ਵਿਚ ਇਹ ਦਰਸਾ ਦਿੱਤਾ ਕਿ ਬੁੱਧੀਮਾਨਤਾ ਤੇ ਆਤਮ ਗਿਆਨ ਦੇ ਨਾਲ ਉਮਰ ਦਾ ਕੋਈ ਸਬੰਧ ਨਹੀਂ ਹੈ ਆਓ ਇਸ ਆਗਮਨ ਪੁਰਬ ਮੌਕੇ ਗੁਰੂ ਸਾਹਿਬ ਦੇ ਫਲਸਫੇ ਨਾਲ ਜੁੜਦੇ ਹੋਏ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਨੱਥਾ ਸਿੰਘ, ਐਡੀਸ਼ਨਲ ਕਰਨੈਲ ਸਿੰਘ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।

