ਸੂਬਾ ਸਰਕਾਰ ਦੇ ਸਹਾਇਤਾ ਪ੍ਰਾਪਤ ਕਾਲਜਾਂ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਤੇ ਦਾਖਲੇ ਸਬੰਧੀ ਸਰਕਾਰ ਦੇ ਪੱਖਪਾਤੀ ਫ਼ੈਸਲੇ ਦਾ ਕੀਤਾ ਬਾਈਕਾਟ
ਕਾਲਜ ਦੀ ਖੁਦਮੁਖਤਿਆਰੀ ਨੂੰ ਭੇਦਭਾਵ ਭਰਿਆ ਫੈਸਲਾ ਪਹੁੰਚਾਏਗਾ ਠੇਸ : ਛੀਨਾ
ਸੂਬਾ ਸਰਕਾਰ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ’ਚ ਵਿਚੌਲਗੀ ਨੂੰ ਕਰੇ ਖ਼ਤਮ
ਚੰਡੀਗੜ੍ਹ, 23 ਜੁਲਾਈ (ਮਧੂਸਾਰ ਬਿਊਰੋ) ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਨੇ ਅੱਜ ਕੇਂਦਰੀਕ੍ਰਿਤ ਦਾਖਲਾ ਪੋਰਟਲ ਰਾਹੀਂ ਸਹਾਇਤਾ ਪ੍ਰਾਪਤ ਕਾਲਜਾਂ ’ਚ ਦਾਖਲੇ ਕਰਨ ਦੇ ਪੰਜਾਬ ਸਰਕਾਰ ਦੇ ‘ਪੱਖਪਾਤੀ’ ਫੈਸਲੇ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਹੋਈ ਸੰਸਥਾ ਦੀ ਕਾਰਜਕਾਰਨੀ ਕਮੇਟੀ ਦੀ ਅਹਿਮ ਮੀਟਿੰਗ ਦੌਰਾਨ ਲਿਆ ਗਿਆ।
ਪੰਜਾਬ ਅਤੇ ਚੰਡੀਗੜ੍ਹ ਦੇ 142 ਸਹਾਇਤਾ ਪ੍ਰਾਪਤ ਕਾਲਜਾਂ ਦੀ ਮੋਹਰਲੀ ਸੰਸਥਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਪੋਰਟਲ ਰਾਹੀਂ ਦਾਖਲਿਆਂ ’ਚ ਵੱਖ-ਵੱਖ ਗੜਬੜੀਆਂ ਦਾ ਹਵਾਲਾ ਦਿੰਦੇ ਹੋਏ ਰਾਜ ਸਰਕਾਰ ਨੂੰ ਵੱਖ-ਵੱਖ ਪ੍ਰਤੀਨਿਧਤਾਵਾਂ ਭੇਜੀਆਂ ਸਨ ਪਰ ਸਰਕਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸੁਣਨ ’ਚ ਨਾਕਾਮਯਾਬ ਰਹੀ ਹੈ। ਫੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਸਾਡੇ ਕੋਲ ਇਸ ਪੋਰਟਲ ਰਾਹੀਂ ਦਾਖ਼ਲਿਆਂ ਦਾ ਬਾਈਕਾਟ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਉਨ੍ਹਾਂ ਦੀ ਮਜ਼ਬੂਰੀ ਬਣ ਚੁੱਕਿਆ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਉਹ ਉੱਚ ਸਿੱਖਿਆ ਸੰਸਥਾਵਾਂ ਦੀ ਖੁਦਮੁਖਤਿਆਰੀ ’ਤੇ ਸਿੱਧਾ ਹਮਲਾ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਕਾਲਜਾਂ ਦੇ ਮਸਲਿਆਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਉਦਾਸੀਨ ਰਵੱਈਆ ਉਨ੍ਹਾਂ ਨੂੰ ਸੰਘਰਸ਼ ਅਤੇ ਰੋਸ ਦਾ ਰਾਹ ਅਪਣਾਉਣ ਲਈ ਮਜਬੂਰ ਕਰ ਰਿਹਾ ਹੈ।
ਇਸ ਤੋਂ ਪਹਿਲਾਂ ਕਾਰਜਕਾਰਨੀ ਮੈਂਬਰਾਂ ਨੇ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਫੈਸਲੇ ਨੂੰ ਬਿਨ੍ਹਾਂ ਸੋਚੇ ਸਮਝੇ ਲਏ ਇਕਪਾਸੜ, ਆਪਹੁਦਰੇ ਅਤੇ ਖਾਮੀਆਂ ਨਾਲ ਭਰਪੂਰ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਵੱਲੋਂ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਲਿਆ ਗਿਆ ਸੀ ਅਤੇ ਉਨ੍ਹਾਂ ਦੀਆਂ ਵਾਰ-ਵਾਰ ਅਪੀਲਾਂ ਦੇ ਬਾਵਜੂਦ ਵੀ ਉੱਚ ਸਰਕਾਰੀ ਅਧਿਕਾਰੀਆਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ।
ਇਸ ਮੌਕੇ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਐਸ. ਐਮ.ਸ਼ਰਮਾ, ਸਲਾਹਕਾਰ ਰਵਿੰਦਰ ਜੋਸ਼ੀ ਸਮੇਤ ਹੋਰ ਅਹੁਦੇਦਾਰਾਂ ਦੀ ਮੌਜ਼ੂਦਗੀ ’ਚ ਛੀਨਾ ਨੇ ਕਿਹਾ ਕਿ ਡੀ. ਪੀ. ਆਈ. ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਲਈ ਕੀਤੀਆਂ ਅਪੀਲਾਂ ਨੂੰ ਮੰਨਣ ਤੋਂ ਵੀ ਟਾਲਾ ਵੱਟ ਰਹੇ ਹਨ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਨੇ ਨਿੱਜੀ ਵਿਚੌਲਿਆਂ ਨਾਲ ਮਿਲ ਕੇ ਮੁੰਬਈ ਸਥਿਤ ਇਕ ਨਿੱਜੀ ਆਈ. ਟੀ. ਕੰਪਨੀ ਦੁਆਰਾ ਵਿਕਸਿਤ ਕੀਤੇ ਪੋਰਟਲ ਦੁਆਰਾ ਕੇਂਦਰੀਕ੍ਰਿਤ ਦਾਖਲੇ ਦਾ ਸਖ਼ਤ ਹੁਕਮ ਲਾਗੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਕਦਮ ਵਿਵਹਾਰਕ ਨਹੀਂ ਹੈ ਕਿਉਂਕਿ ਇਸ ਨਾਲ ਮੌਜੂਦਾ ਵਿਦਿਅਕ ਸੈਸ਼ਨ 2022-23 ’ਚ ਦਾਖਲੇ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਛੀਨਾ ਨੇ ਕਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅਧੀਨ ਬਹੁਤ ਸਾਰੇ ਕਾਲਜ ਪਹਿਲਾਂ ਹੀ ਵਿਦਿਆਰਥੀਆਂ ਨੂੰ ਦਾਖਲਾ ਦੇ ਚੁੱਕੇ ਹਨ ਅਤੇ ਸਰਕਾਰ ਹੁਣ ਪਾਬੰਦੀਆਂ ਲਗਾ ਰਹੀ ਹੈ, ਜਿਸ ਨਾਲ ਉੱਚ ਸਿੱਖਿਆ ’ਚ ਪ੍ਰਾਈਵੇਟ ਵਿਚੌਲਿਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਕਤ ਫ਼ੈਸਲਾ ਦੀ ਪ੍ਰੀਕ੍ਰਿਆ ਦੌਰਾਨ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਬਾਹਰ ਰੱਖਿਆ ਗਿਆ ਹੈ, ਜੋ ਕਿ ਬਹੁਤ ਨਿੰਦਨਯੋਗ ਹੈ।
ਉਨ੍ਹਾਂ ਕਿਹਾ ਕਿ ਗ੍ਰਾਂਟ ਇਨ ਏਡ ਸਕੀਮ ’ਚ ਅਜਿਹਾ ਕੋਈ ਨਿਯਮ ਨਹੀਂ ਹੈ ਜੋ ਸਹਾਇਤਾ ਪ੍ਰਾਪਤ ਕਾਲਜਾਂ ਦੀ ਦਾਖਲਾ ਪ੍ਰਕਿਰਿਆ ਨੂੰ ਆਪਣੇ ਕਬਜ਼ੇ ’ਚ ਲੈਣ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੂਰੀ ਤਰ੍ਹਾਂ ਨਾਲ ਗੈਰ-ਕਾਨੂੰਨੀ ਹੈ ਕਿਉਂਕਿ ਸਰਕਾਰ ਵੱਲੋਂ ਸਹਾਇਤਾ ਪ੍ਰਾਪਤ ਕਾਲਜਾਂ ਨਾਲ ਕੇਂਦਰੀਕ੍ਰਿਤ ਆਨਲਾਈਨ ਦਾਖਲਾ ਪ੍ਰਕਿਰਿਆ ਬਾਰੇ ਕੋਈ ਪਹਿਲਾਂ ਗੱਲਬਾਤ ਨਹੀਂ ਕੀਤੀ ਗਈ ਸੀ।
ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਬੀ.ਐੱਡ ਅਤੇ ਲਾਅ ਕਾਲਜਾਂ ਲਈ ਪਹਿਲਾਂ ਹੀ ਐਲਾਨੀਆਂ ਗਈਆਂ ਅਜਿਹੀਆਂ ਕੇਂਦਰੀਕ੍ਰਿਤ ਦਾਖ਼ਲਾ ਪ੍ਰਕਿਰਿਆਵਾਂ ਬੁਰੀ ਤਰ੍ਹਾਂ ਫੇਲ੍ਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਅਫ਼ਸੋਸਜਨਕ ਗੱਲ ਇਹ ਹੈ ਕਿ ਇਸ ਪੋਰਟਲ ਰਾਹੀਂ ਪ੍ਰਾਪਤ ਕੀਤੀ ਗਈ ਫੀਸ ਕਿਸੇ ਤੀਜੀ ਏਜੰਸੀ ਦੁਆਰਾ ਪ੍ਰਬੰਧਿਤ ਕੀਤੇ ਜਾਣ ਵਾਲੇ ਬੈਂਕ ਖਾਤਿਆਂ ’ਚ ਜਮ੍ਹਾ ਕੀਤੀ ਜਾਵੇਗੀ ਨਾ ਕਿ ਕਾਲਜਾਂ ਦੇ ਬੈਂਕ ਖਾਤਿਆਂ ’ਚ। ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਉਕਤ ਪੋਰਟਲ ’ਚ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀਆਂ ਲਈ ਫ਼ੀਸ ਮੁਆਫ਼ੀ ਸਬੰਧੀ ਕੋਈ ਵਿਵਸਥਾ ਨਹੀਂ ਹੈ ਅਤੇ ਜਿਨ੍ਹਾਂ ਵਿਦਿਆਰਥੀਆਂ ਕੋਲ ਸਮਾਰਟ ਫ਼ੋਨ ਨਹੀਂ ਹਨ, ਉਨ੍ਹਾਂ ਲਈ ਵੀ ਇਸ ਪੋਰਟਲ ਨੂੰ ਵਰਤਣ ਲਈ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ ਹੈ।
ਉਨ੍ਹਾਂ ਇਸ ਮੌਕੇ ਕਿਹਾ ਕਿ ਉਕਤ ਪ੍ਰੀਕ੍ਰਿਆ ’ਚ ਇਸ ਬਾਰੇ ਕੋਈ ਸਪੱਸ਼ਟ ਨੀਤੀ ਨਹੀਂ ਹੈ ਕਿ ਫੀਸ ਕਿਵੇਂ ਅਤੇ ਕਿਸ ਨਿਰਧਾਰਤ ਸਮੇਂ ’ਚ ਵਾਪਸ ਕੀਤੀ ਜਾਵੇਗੀ? ਨੌਜਵਾਨਾਂ ਦੇ ਵਿਦੇਸ਼ ਜਾਣ ਕਾਰਨ ਦਾਖਲੇ ਦੀ ਗਿਣਤੀ ਘੱਟਣ ਕਾਰਨ ਕਾਲਜ ਪਹਿਲਾਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਹਨ ਅਤੇ ਸਰਕਾਰ ਕਾਲਜਾਂ ਦੀ ਮਦਦ ਕਰਨ ਦੀ ਬਜਾਏ ਉੱਚ ਵਿਦਿਅਕ ਸੰਸਥਾਵਾਂ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਮੀਟਿੰਗ ’ਚ ਫੈਡਰੇਸ਼ਨ ਦੇ ਵਿੱਤ ਸਕੱਤਰ ਰਾਕੇਸ਼ ਕੁਮਾਰ ਧੀਰ, ਸਲਾਹਕਾਰ ਰਵਿੰਦਰ ਜੋਸ਼ੀ, ਪ੍ਰਿੰਸੀਪਲ ਡਾ. ਮਹਿਲ ਸਿੰਘ, ਸ੍ਰੀ ਰਾਜੀਵ ਜੈਨ ਅਤੇ ਹੋਰ ਅਹੁੱਦੇਦਾਰ ਆਦਿ ਹਾਜ਼ਰ ਸਨ।

