ਪੰਜਾਬ

ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ‘ਤੇ ਕੇਜਰੀਵਾਲ, ਮਾਨ ਨੂੰ ਮਾਫੀ ਮੰਗਣੀ ਚਾਹੀਦੀ ਹੈ: ਭਾਜਪਾ

ਚੰਡੀਗੜ੍ਹ, 4 ਅਗਸਤ (ਮਧੂਸਾਰ ਬਿਊਰੋ): ਭਾਰਤੀ ਜਨਤਾ ਪਾਰਟੀ ਨੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਲਈ ਮੁਆਫ਼ੀ ਮੰਗਣ ਲਈ ਕਿਹਾ ਹੈ, ਕਿਉਂਕਿ ਹੁਣ ਇਨ੍ਹਾਂ ਦੇ ਆਪਣੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਅਫਗਾਨਿਸਤਾਨ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਹਰਭਜਨ ਸਿੰਘ ਵੱਲੋਂ ਪਿਛਲੇ ਦਿਨੀਂ ਰਾਜ ਸਭਾ ਵਿੱਚ ਦਿੱਤੇ ਬਿਆਨ ਕਿ ਭਾਰਤ ਸਰਕਾਰ ਨੂੰ ਅਫਗਾਨੀ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ, ਦੇ ਜਵਾਬ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਪਹਿਲਾਂ ਹੀ ਅਫਗਾਨਿਸਤਾਨ ਤੋਂ ਭਾਰਤ ਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਉਥੇ ਸਥਿਤ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸ਼ਰਧਾ ਨਾਲ ਭਾਰਤ ਲਿਆਂਦਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਸਭ ਸੀਏਏ ਲਿਆਉਣ ਤੋਂ ਬਾਅਦ ਹੀ ਸੰਭਵ ਹੋਇਆ ਹੈ, ਜਿਸਦਾ ਕੇਜਰੀਵਾਲ, ਮਾਨ ਅਤੇ ਹੋਰ ਆਪ ਆਗੂਆਂ ਨੇ ਸਖ਼ਤ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਤੁਹਾਡੇ ਲਈ ਅਫਗਾਨਿਸਤਾਨ ਤੋਂ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਭਾਰਤ ਲਿਆਉਣ ਦੀ ਮੰਗ ਕਰਨਾ ਚੰਗੀ ਗੱਲ ਹੈ, ਪਰ ਕੀ ਕੇਜਰੀਵਾਲ ਅਤੇ ਮਾਨ ਨੂੰ ਸੀਏਏ ਲਿਆਉਣ ਤੋਂ ਬਾਅਦ ਇਸਦਾ ਵਿਰੋਧ ਅਤੇ ਬਦਨਾਮ ਕਰਨ ਲਈ ਦੇਸ਼ ਤੋਂ ਮੁਆਫੀ ਨਹੀਂ ਮੰਗਣੀ ਚਾਹੀਦੀ? ਡਾ ਸ਼ਰਮਾ ਨੇ ਕਿਹਾ ਕਿ ਅਫਗਾਨਿਸਤਾਨ ਦੇ ਨਾਲ-ਨਾਲ ਪਾਕਿਸਤਾਨ ਤੋਂ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਯੋਜਨਾਬੱਧ ਤਰੀਕੇ ਨਾਲ ਭਾਰਤ ਲਿਆਉਣ ਤੋਂ ਬਾਅਦ ਅੱਜ ਸੀਏਏ ‘ਤੇ ਭਾਜਪਾ ਦਾ ਸਟੈਂਡ ਸਾਬਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੀਏਏ ਤੋਂ ਬਿਨਾਂ ਅਜਿਹੀ ਹਿੰਸਾ ਦੇ ਪੀੜਤਾਂ ਨੂੰ ਨਾ ਤਾਂ ਭਾਰਤ ਵਿੱਚ ਮੁੜ ਵਸਾਇਆ ਜਾ ਸਕਦਾ ਸੀ ਅਤੇ ਨਾ ਹੀ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਜਾ ਸਕਦੀ ਸੀ।

Leave a Reply

Your email address will not be published. Required fields are marked *