ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 28 ਅਗਸਤ (ਮਧੂਸਾਰ ਬਿਊਰੋ) ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਪੁਰਬ ਬੜੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ। ਇਸ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਹਾਜ਼ਰ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੀ ਛਹਿਬਰ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਵਿਸਥਾਰ ਪੂਰਵਕ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਦੌਰਾਨ ਸ: ਛੀਨਾ ਨੇ ਦੇਸ਼-ਵਿਦੇਸ਼ ’ਚ ਵੱਸਦੀ ਸਮੂੰਹ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਧੁਰ ’ਤੋਂ ਆਈ ਹੋਈ ਬਾਣੀ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਜੋ ਕਿ ਜੁਗਾ-ਜੁਗਾਂਤਰ ਅੰਗ-ਸੰਗ ਸਹਾਈ ਹੈ, ਦਾ ਸਿਮਰਨ ਕਰਨਾ ਚਾਹੀਦਾ ਹੈ, ਜਿਸ ਨਾਲ ਹਰੇਕ ਕਲਾ-ਕਲੇਸ਼ ਅਤੇ ਚਿੰਤਾਵਾਂ ਮੁਕ ਜਾਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਜ਼ਿੰਦਗੀ ਦੀ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੰਦਿਆਂ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਛੀਨਾ ਨੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਨ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਸ: ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਅੰਡਰ ਸੈਕਟਰੀ-ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।

