ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਨੂੰ ਅੱਧੀ ਰਾਤ ਚੁੱਕ ਕੇ ਦੂਰ ਛੱਡਣਾ ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ੍ਹ :– ਰਾਜੂ ਖੰਨਾ।
ਬੇਰੁਜ਼ਗਾਰਾ ਦੀ ਅਵਾਜ਼ ਲਾਠੀ ਨਾਲ ਦਬਾਉਣਾ ਚਾਹੁੰਦੀ ਹੈ ਭਗਵੰਤ ਮਾਨ ਸਰਕਾਰ।
ਅਮਲੋਹ,30 ਅਗਸਤ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕੀਤੇ ਲਾਠੀਚਾਰਜ ਅਤੇ ਅੱਧੀ ਰਾਤ ਨੂੰ ਉਨ੍ਹਾਂ ਨੂੰ ਜ਼ਬਰਦਸਤੀ ਚੁੱਕਣ ਦੇ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ੍ਹ ਦੱਸੀਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਅਜਿਹੀ ਭਗਵੰਤ ਮਾਨ ਸਰਕਾਰ ਬਣੀ ਹੈ, ਜਿਸ ਦੇ ਸੱਤਾ ਸੰਭਾਲਦੇ ਹੀ ਦੂਜੇ ਦਿਨ ਉਸ ਦੇ ਝੂਠੇ ਵਾਅਦਿਆਂ ਦਾ ਪਰਦਾਫਾਸ਼ ਹੋ ਗਿਆ ਅਤੇ ਲੋਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ- ਪ੍ਰਦਰਸ਼ਨ ਸ਼ੁਰੂ ਕਰ ਦਿੱਤੇ। ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਹਰ ਮਹਿਕਮੇ ਦੇ ਲੋਕ ਅਤੇ ਹੋਰ ਜਥੇਬੰਦੀਆਂ ਪੰਜਾਬ ਸਰਕਾਰ ਵਿਰੁੱਧ ਧਰਨੇ ‘ਤੇ ਬੈਠੇ ਹਨ। ਸਰਕਾਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ।
ਰਾਜੂ ਖੰਨਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਸਿਆਸੀ ਬਦਲਾਅ ਦੇ ਨਾਮ `ਤੇ ਪੰਜਾਬ ਵਿਚ ਸੱਤਾ ਵਿਚ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਵਾਂਗ ਹੀ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਹਨ। ਬੇਰੁਜ਼ਗਾਰਾਂ ਤੇ ਲਾਠੀਚਾਰਜ ਕਰਕੇ ਉਹਨਾਂ ਨੂੰ ਅੱਧੀ ਰਾਤ ਨੂੰ ਪੁਲਸ ਵਲੋਂ ਜ਼ਬਰਦਸਤੀ ਚੁੱਕ ਕੇ ਉਨ੍ਹਾਂ ਦੇ ਤੰਬੂ ਪੁੱਟ ਦਿੱਤੇ ਗਏ। ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਇਨ੍ਹਾਂ ਲੋਕਾਂ ਨੂੰ ਪੁਲਸ ਨੇ ਅੱਧੀ ਰਾਤ ਨੂੰ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਜ਼ਬਰਦਸਤੀ ਚੁੱਕ ਕੇ 70-70 ਕਿਲੋਮੀਟਰ ਦੂਰ ਛੱਡ ਦਿੱਤਾ। ਅਜੇ ਕੁਝ ਦਿਨ ਪਹਿਲਾਂ ਹੀ ਪਟਿਆਲਾ ਵਿਚ ਧਰਨੇ ‘ਤੇ ਬੈਠੇ ਬਿਜਲੀ ਵਿਭਾਗ ਦੇ ਲਾਈਨਮੈਨਾਂ ‘ਤੇ ਵੀ ਭਗਵੰਤ ਮਾਨ ਸਰਕਾਰ ਨੇ ਲਾਠੀਚਾਰਜ ਕਰਵਾ ਕੇ ਉਨ੍ਹਾਂ ਨੂੰ ਉਥੋਂ ਖਦੇੜ ਦਿੱਤਾ ਸੀ। ਇਕ ਪਾਸੇ ਪੰਜਾਬ ਵਿਚ ਦਿੱਲੀ ਵਾਲਾ ਸਿੱਖਿਆ ਦਾ ਮਾਡਲ ਲਾਗੂ ਕਰਨ ਦੀਆਂ ਗੱਲਾਂ ਕਰਦੀ ਸਰਕਾਰ ਨਹੀਂ ਥੱਕਦੀ। ਦੂਜੇ ਪਾਸੇ ਬੇਰੁਜ਼ਗਾਰ ਅਧਿਆਪਕਾਂ ‘ਤੇ ਨਵਾਂ ਬੋਝ ਪਾ ਕੇ ਭਾਰਤੀ ਪ੍ਰੀਖਿਆ ਦੇ ਉੱਤਰਾਂ ‘ਤੇ ਇਤਰਾਜ਼ ਕਰਨ ‘ਤੇ ਫ਼ੀਸ ਭਰਨ ਦੀ ਸ਼ਰਤ ਲਗਾਈ ਹੈ। ਇਸ ਨਾਲ ਬੇਰੁਜ਼ਗਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਨਵਾਂ ਵਿੱਤੀ ਬੋਝ ਪਾ ਦਿੱਤਾ ਗਿਆ ਹੈ। ਜਿਸ ਨਾਲ ਵਿੱਤੀ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ।

