ਪੰਜਾਬਪਟਿਆਲਾ

ਜਥੇਦਾਰ ਪੰਜੋਲੀ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਿਆ ਪੱਤਰ

ਨਾਨਕਸਰ ਸੰਪਰਦਾਇ ਵੱਲੋਂ ਮਰਿਆਦਾ ਦੀ ਕੀਤੀ ਗਈ ਘੋਰ ਉਲੰਘਣਾ ਦਾ ਲਿਆ ਜਾਵੇ ਗੰਭੀਰ ਨੋਟਿਸ

ਪਟਿਆਲਾ 1 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਨਾਨਕਸਰ ਸੰਪਰਦਾਇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਜਾਣ ਸਮੇਂ ਮਰਿਆਦਾ ਦੀ ਕੀਤੀ ਗਈ ਘੋਰ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖਕੇ ਕਾਰਵਾਈ ਕੀਤੇ ਜਾਣ ਦੀ ਸ਼ਿਕਾਇਤ ਕੀਤੀ ਹੈ। ਜਥੇਦਾਰ ਪੰਜੋਲੀ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਪੱਤਰ ਰਾਹੀਂ ਜਾਣੂੰ ਕਰਵਾਇਆ ਕਿ ਨਾਨਕਸਰ ਸੰਪਰਦਾਇ ਨਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਤ ਮਰਿਯਾਦਾ ਨੂੰ ਮੰਨਦੀ ਹੈ ਅਤੇ ਨਾ ਹੀ ਗੁਰੂ ਸਾਹਿਬ ਦੇ ਸਿਧਾਂਤ ਦੀ ਪ੍ਰਵਾਹ ਕਰਦੀ ਹੈ, ਪਰ ਹੁਣ ਤਾਂ ਹੱਦ ਹੀ ਹੋ ਗਈ ਜਦੋਂ ਨਾਨਕਸਰ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜਦੋਂ ਗੁਰੂ ਸਾਹਿਬ ਜੀ ਦੇ ਸਰੂਪ ਪ੍ਰਕਾਸ਼ ਅਸਥਾਨ ਤੋਂ ਸੁਖਆਸਨ ਸਥਾਨ ਵਿਖੇ ਲਿਜਾਏ ਜਾ ਰਹੇ ਸਨ ਤਾਂ ਗੁਰੂ ਸਾਹਿਬ ਜੀ ਦੇ ਕਿਸੇ ਵੀ ਸਰੂਪ ਨੂੰ ਕੋਈ ਵੀ ਚੌਰ ਨਹੀਂ ਕਰ ਰਿਹਾ ਸੀ ਬਲਕਿ ਗੁਰੂ ਸਾਹਿਬ ਜੀ ਦੇ ਸਰੂਪ ਪਿਛਲੀ ਸੀਟ ’ਤੇ ਸ਼ੁਭਾਇਮਾਨ ਕੀਤੇ ਗਏ

ਅਤੇ ਕੇਵਲ ਡਰਾਈਵਰ ਜੁੱਤੀਆਂ ਪਾ ਕੇ ਕਾਰਾਂ ਚਲਾਉਂਦੇ ਨਜ਼ਰ ਆ ਰਹੇ ਹਨ ਇਹ ਸਾਰਾ ਕੁਝ ਵੱਟਸਅਪ ’ਤੇ ਇਕ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ। ਜਥੇਦਾਰ ਪੰਜੋਲੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਸ ਅਪਮਾਨ ਨਾਲ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਕੁਝ ਗੁਰਮੁੱਖ ਪਿਆਰਿਆਂ ਨੇ ਗੁਰੂ ਸਾਹਿਬ ਜੀ ਦੇ ਹੋਏ ਅਪਮਾਨ ਸਬੰਧੀ ਥਾਣਾ ਮਾਡਲ ਟਾਊਨ ਲੁਧਿਆਣਾ ਵਿਖੇ ਐਫ ਆਈ ਆਰ ਦਰਜ ਕਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜੀ ਕਾਨੂੰਨੀ ਕਾਰਵਾਈ ਆਪਣੀ ਥਾਂ ਇਕ ਵੱਖਰਾ ਵਿਸ਼ਾ ਹੈ, ਪ੍ਰੰਤੂ ਗੁਰੂ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਜ਼ਿੰਮੇਵਾਰੀ ਵਿਅਕਤੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਸ੍ਰੀ ਅਕਾਲਤਖਤ ਸਾਹਿਬ ’ਤੇ ਸੱਦਕੇ ਪੰਥਕ ਰਹਿਤ ਮਰਿਆਦਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *