ਬੰਦੀ ਸਿੰਘਾਂ ਦੇ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਜਲਦ ਹੀ ਲੋਕ ਲਹਿਰ ਨੂੰ ਖੜਾ ਕਰੇਗੀ : ਜਥੇਦਾਰ ਪੰਜੋਲੀ
ਪਟਿਆਲਾ 14 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੇ ਧਰਨਾ ਪ੍ਰਦਰਸ਼ਨ ਦੀ ਸਫਲਤਾ ਨੂੰ ਲੈ ਕੇ ਸਿੰਘ ਸਭਾਵਾਂ, ਸਿੱਖ ਸੁਸਾਇਟੀਆਂ ਅਤੇ ਪੰਥਕ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੇ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਜਲਦ ਹੀ ਲੋਕ ਲਹਿਰ ਨੂੰ ਖੜਾ ਕਰੇਗੀ। ਜਥੇਦਾਰ ਪੰਜੋਲੀ ਨੇ ਕਿਹਾ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਤਾਂ ਪੂਰੀਆਂ ਕਰ ਚੁੱਕੇ ਹਨ, ਪਰ ਅਫਸੋਸ ਹੈ ਕਿ ਨਾ ਤਾਂ ਅਦਾਲਤਾਂ ਰਾਹੀਂ ਕੋਈ ਕਾਨੂੰਨ ਪੱਖ ਸੁਣਿਆ ਜਾ ਰਿਹਾ ਹੈ ਅਤੇ ਨਾ ਹੀ ਸਰਕਾਰਾਂ ਇਸ ਮਸਲੇ ਨੂੰ ਗੰਭੀਰਤਾ ਨਾਲ ਲੈ ਕੇ ਕੋਈ ਫੈਸਲਾ ਸੁਣਾ ਪਾ ਰਹੀ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ’ਤੇ ਤੁਲੀਆਂ ਹੋਈਆਂ ਹਨ। ਜਥੇਦਾਰ ਪੰਜੋਲੀ ਨੇ ਕਿਹਾ ਕਿ ਜਿਹੜੇ ਲੋਕ ਸ਼ੋ੍ਰਮਣੀ ਕਮੇਟੀ ਦੇ ਧਰਨੇ ਨੂੰ ਲੈ ਕੇ ਟਿੱਪਣੀਆਂ ਕਰ ਰਹੇ ਹਨ ਉਨ੍ਹਾਂ ਦੱਸਣਾ ਚਾਹੁੰਦਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸ਼ਮੂਲੀਅਤ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਉਹ ਵੀ ਖਾਲਸਾ ਪੰਥ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਦੀ ਇਹ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਥਕ ਸੰਘਰਸ਼ਾਂ ਅਤੇ ਪੰਥਕ ਕਾਰਜਾਂ ਵਿਚ ਆਪਣਾ ਹਮੇਸ਼ਾ ਯੋਗਦਾਨ ਪਾਉਣ। ਜਥੇਦਾਰ ਪੰਜੋਲੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਜਲਦ ਹੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ। ਉਨ੍ਹਾਂ ਦੱਸਿਆ ਕਿ ਸਜ਼ਾਵਾਂ ਪੂਰੀਆਂ ਕਰਨ ਵਾਲੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਜਿਥੇ ਲੋਕ ਲਹਿਰ ਉਸਾਰੇਗੀ, ਉਥੇ ਹੀ ਦਸਤਖਤੀ ਮੁਹਿੰਮ ਨੂੰ ਵੀ ਆਰੰਭ ਕਰੇਗੀ ਤਾਂ ਕਿ ਘਰ ਘਰ ਪਹੁੰਚ ਕੇ ਲੋਕਾਂ ਦੇ ਦਸਤਖਤ ਲੈਣ ਉਪਰੰਤ ਸਾਰੇ ਹਸਤਾਖਰੀ ਮੁਹਿੰਮ ਦੇ ਦਸਤਾਵੇਜ਼ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।

