ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਅਰੰਭਤਾ 15 ਸਤੰਬਰ ਨੂੰ ਹੋਵੇਗੀ : ਸਿੰਘ ਸਾਹਿਬ ਬਾਬਾ ਬਲਬੀਰ ਸਿੰਘ
ਅੰਮਿ੍ਰਤਸਰ: 13 ਸਤੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਮੁੱਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਅਮਰ ਸ਼ਹੀਦ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਜਿਨ੍ਹਾਂ ਨੇ ਬੁੱਢਾ ਦਲ ਦੀ ਜਥੇਦਾਰੀ ਦੇ ਨਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਬਤੌਰ ਜਥੇਦਾਰ ਦੀ ਸੇਵਾ ਵੀ ਨਿਭਾਈ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਰਖਵਾਏ ਗਏ ਹਨ ਜਿਨ੍ਹਾਂ ਦਾ ਭੋਗ 15 ਸਤੰਬਰ ਨੂੰ ਸਵੇਰੇ 8:30 ਵਜੇ ਪਵੇਗਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਕੌਮ ਦੇ ਮਹਾਨ ਜਰਨੈਲ, ਨਿਧੜਕ ਜਥੇਦਾਰ, ਸਿੱਖ ਸਿਧਾਤਾਂ ਦੇ ਪਹਿਰੇਦਾਰ, ਅਮਰ ਸ਼ਹੀਦ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਅਰੰਭਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸਮੂਹਿਕ ਅਰਦਾਸ ਬੇਨਤੀ ਨਾਲ ਕੀਤੀ ਜਾਵੇਗੀ। ਸ਼ਤਾਬਦੀ ਸਬੰਧੀ ਸਮਾਗਮ ਸਾਰਾ ਸਾਲ ਚਲਣਗੇ।
ਉਨ੍ਹਾਂ ਕਿਹਾ ਕਿ ਅਰਦਾਸ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਤਰਨਾਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਗੱਜਣ ਸਿੰਘ, ਤਰਨਾਦਲ ਬਾਬਾ ਬਿਧੀਚੰਦ ਜੀ ਸੁਰ ਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਤਰਨਾਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਤੋਂ ਇਲਾਵਾ ਸਮੂਹ ਨਿਹੰਗ ਸਿੰਘ ਦਲਾਂ ਦੇ ਮੁਖੀ ਸੰਤ ਮਹਾਂਪੁਰਸ਼ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ। ਇਸ ਅਰਦਾਸ ਉਪਰੰਤ ਅਮਰ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਦੇ ਸਮਾਗਮਾਂ ਦੀ ਅਰੰਭਤਾ ਹੋ ਜਾਵੇਗੀ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਸ਼ਤਾਬਦੀ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਕੀ ਸਾਰੀਆਂ ਧਾਰਮਿਕ ਸੰਸਥਾਵਾਂ, ਸੰਤ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਚੜਦੀ ਕਲਾ ਚ ਮਨਾਏ ਜਾਣਗੇ।

