ਹਰਿਆਣਾ ਕਮੇਟੀ ਬਣਾਉਣ ਦਾ ਫੈਸਲਾ ਸਿੱਖ ਕੌਮ ਨੂੰ ਦੋਫਾੜ ਕਰਨ ਦੀ ਸਾਜਿਸ਼ : ਜਥੇਦਾਰ ਟੌਹੜਾ
ਪਟਿਆਲਾ 2 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ)ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਹਰਿਆਣਾ ਕਮੇਟੀ ਬਣਾ ਕੇ ਸਿੱਖ ਕੌਮ ਨੂੰ ਦੋਫਾੜ ਕਰਨ ਦੀ ਉਸ ਸਮੇਂ ਸਾਜਿਸ਼ ਕੀਤੀ ਗਈ ਗਈ, ਜਦੋਂ ਸਮੁੱਚਾ ਖਾਲਸਾ ਪੰਥ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਸਾਕਾ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਵਰਗੀਆਂ ਵੱਡੀਆਂ ਸ਼ਤਾਬਦੀਆਂ ਨੂੰ ਮਨਾ ਰਹੀ ਹੈ। ਜਥੇਦਾਰ ਟੌਹੜਾ ਨੇ ਕਿਹਾ ਕਿ ਅੱਜ ਸਿੱਖਾਂ ਦੀ ਸ਼ਕਤੀ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਅਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਨੂੰ ਪੰਥ ਕਦੇ ਵੀ ਮੁਆਫ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅਦਾਲਤਾਂ ਰਾਹੀਂ ਕਰਵਾਏ ਜਾ ਰਹੇ ਅਜਿਹੇ ਫੈਸਲਿਆਂ ਨਾਲ ਸਰਕਾਰਾਂ ਦਾ ਚਿਹਰਾ ਬੇਨਕਾਬ ਹੋ ਰਿਹਾ ਹੈ ਅਤੇ ਸਿੱਖ ਸੰਗਤ ਅਜਿਹੇ ਫੈਸਲਿਆਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਜਥੇਦਾਰ ਟੌਹੜਾ ਨੇ ਕਿਹਾ ਕਿ ਭਾਵੇਂ ਕਾਨੂੰਨੀ ਪ੍ਰਕਿਰਿਆ ਤਹਿਤ ਇਹ ਲੜਾਈ ਲੜੀ ਜਾਣੀ ਹੈ,
ਪ੍ਰੰਤੂ ਫੇਰ ਅਜਿਹਾ ਸੰਘਰਸ਼ ਵਿੱਢਣਾ ਪਵੇਗਾ, ਜਿਸ ਨਾਲ ਸੁੱਤੀ ਸਰਕਾਰ ਜਾਗ ਸਕੇ। ਉਨ੍ਹਾਂ ਕਿਹਾ ਕਿ ਜਿਥੇ ਕਾਂਗਰਸ ਸਿੱਖ ਵਿਰੋਧੀ ਪਾਰਟੀ ਹੈ, ਉਥੇ ਹੀ ਭਾਜਪਾ ਅਤੇ ਆਰਐਸਐਸ ਵੱਲੋਂ ਸਿੱਖਾਂ ਦੀ ਸਿਰਮੌਰ ਸੰਸਥਾਂ ਨੂੰ ਤੋੜਨ ਲਈ ਸਾਜਿਸ਼ਾਂ ਘੜੀਆਂ ਜਾ ਰਹੀਆਂ ਅਤੇ ਅਜਿਹੀਆਂ ਸਾਜਿਸ਼ਾਂ ਪ੍ਰਤੀ ਸੁਚੇਤ ਰਹਿ ਕੇ ਸੰਘਰਸ਼ ਵਿੱਢਣਾ ਪਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਬਣਾਉਣ ਲਈ ਜਿਥੇ ਹਰਿਆਣਾ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਬੀਜ ਬੀਜਿਆ, ਉਥੇ ਹੀ ਭਾਜਪਾ ਦੀ ਮੌਜੂਦਾ ਸਰਕਾਰ ਨੇ ਸਿੱਖਾਂ ਦੀ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਚਾਲਾਂ ਚੱਲੀਆਂ। ਜਥੇਦਾਰ ਟੌਹੜਾ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਖਿਲਾਫ਼ ਸਮੁੱਚਾ ਖਾਲਸਾ ਪੰਥ ਇਕਮੁੱਠ ਹੋ ਕੇ ਸੰਘਰਸ਼ ਕਰੇ ਤਾਂ ਜੋ ਪੰਥ ਅੰਦਰ ਘੁਸਪੈਠ ਕਰਨ ਵਾਲੀਆਂ ਅਜਿਹੀਆਂ ਤਾਕਤਾਂ ਨੂੰ ਸਬਕ ਸਿਖਾਇਆ ਜਾ ਸਕੇ।

