ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਨੇ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਸੌਂਪੇ ਪੰਜ ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈਕ

ਨਜ਼ਰਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਯਤਨਸ਼ੀਲ : ਜਥੇਦਾਰ ਪੰਜੋਲੀ

ਪਟਿਆਲਾ 14 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਿਥੇ ਸੰਘਰਸ਼ ਚੱਲ ਰਿਹਾ ਹੈ, ਉਥੇ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਵੀ ਸ਼ੋ੍ਰਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ। ਇਹ ਪ੍ਰਗਟਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਬੁੜੈਲ ’ਚੋਂ ਪੈਰੋਲ ’ਤੇ ਆਏ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪਤਨੀ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਂਕ ਸੌਂਪਣ ਮੌਕੇ ਕੀਤਾ। ਜਥੇਦਾਰ ਪੰਜੋਲੀ ਨੇ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ ਅਤੇ ਹਾਲਾਤਾਂ ਨਾਲ ਜੂਝ ਰਹੇ ਪਰਿਵਾਰਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ।

ਜਥੇਦਾਰ ਪੰਜੋਲੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘ ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਦੇ ਪਰਿਵਾਰਾਂ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਅੱਜ ਬੁੜੈਲ ਜੇਲ੍ਹ ’ਚੋਂ ਪੈਰੋਲ ’ਤੇ ਆਏ ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪਤਨੀ ਨੂੰ ਸਹਾਇਤਾ ਰਾਸ਼ੀ ਦਾ ਚੈਂਕ ਸੌਂਪਿਆ ਗਿਆ। ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਸ਼ੋ੍ਰਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਕਸਰ ਨਹੀਂ ਛੱਡੇਗੀ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸਰਕਾਰਾਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ’ਤੇ ਲੱਗੀਆਂ ਹੋਈਆਂ ਕਿਉਂਕਿ ਜੇਲ੍ਹਾਂ ਵਿਚ ਬੰਦੀ ਸਿੰਘਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ, ਪ੍ਰੰਤੂ ਜਾਣ ਬੁੱਝ ਕੇ ਉਨ੍ਹਾਂ ਦੀ ਰਿਹਾਈ ਨਾ ਕਰਨ ਤੋਂ ਸਪੱਸ਼ਟ ਹੈ ਕਿ ਸਰਕਾਰਾਂ ਦੋਹਰੇ ਮਾਪਦੰਡ ਵਾਲਾ ਵਤੀਰਾ ਰੱਖਦੀਆਂ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਭਾਈ ਗੁਰਮੀਤ ਸਿੰਘ, ਮਾਤਾ ਸੁਰਜੀਤ ਕੌਰ, ਭਾਈ ਸ਼ਮਸ਼ੇਰ ਸਿੰਘ ਦੀ ਪਤਨੀ ਨੂੰ ਸਿਰੋਪਾਓ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ, ਸੁਖਬੀਰ ਸਿੰਘ ਅਬਲੋਵਾਲ, ਗੁਰਦੀਪ ਸਿੰਘ ਸ਼ੇਖੂਪੁਰ, ਜੋਗਿੰਦਰ ਸਿੰਘ ਪੰਛੀ, ਹਰਦੀਪ ਸਿੰਘ, ਜਸਵਿੰਦਰ ਸਿੰਘ ਬਿੱਲਾ, ਆਤਮ ਪ੍ਰਕਾਸ਼ ਸਿੰਘ ਬੇਦੀ, ਹਰਵਿੰਦਰ ਸਿੰਘ ਮੰਨਾ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *