ਪੰਜਾਬਪਟਿਆਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ

ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਮਾਣਿਆ ਆਨੰਦ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ : ਪ੍ਰੋ. ਬਡੂੰਗਰ

ਪਟਿਆਲਾ 27 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੁੱਖ ਵਾਕ ਗਿਆਨੀ ਫੂਲਾ ਸਿੰਘ ਵੱਲੋਂ ਲਿਆ ਗਿਆ ਅਤੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਤਾਗੱਦੀ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਕਿਹਾ ਕਿ ਅਜੌਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਸ੍ਰੀ ਗੁਰੂ ਗ੍ਰੰਥ ’ਚ ਮੌਜੂਦ ਹੈ, ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਿਧਾਂਤ ਅਤੇ ਫਲਸਫੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ‘ਸ਼ਬਦ ਗੁਰੂ’ ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ ਅਤੇ ਗੁਰੂ ਸਾਹਿਬ ਸਿੱਖਿਆਵਾਂ ਨੂੰ ਚੱਲਕੇ ਮਨੁੱਖ ਆਪਣੇ ਜੀਵਨ ਨੂੰ ਰੌਸ਼ਨਮਈ ਬਣਾ ਸਕਦਾ। ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਸੁਨਾਮ, ਜਸਪ੍ਰੀਤ ਸਿੰਘ ਭਾਟੀਆ, ਭਾਈ ਗੁਲਵਿੰਦਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਤੇਜ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਹਰਮਿੰਦਰਪਾਲ ਸਿੰਘ ਵਿੰਟੀ ਖਾਲਸਾ ਸ਼ਤਾਬਦੀ ਕਮੇਟੀ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਟਾਫ ਮੈਂਬਰ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *