ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਵਰਕਰਾਂ ਨੂੰ ਕਰਾਂਗੇ ਲਾਮਬੰਦ, ਕੈਪਟਨ ਦਾ ਦੌਰਾ ਮੁੱਕਿਆ : ਵੜਿੰਗ
ਪਟਿਆਲਾ 2 ਨਵੰਬਰ (ਕੰਵਰ ਸਿੰਘ ਬੇਦੀ/ਮਧੂਸਾਰ ਬਿਊਰੋ) ਅਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਇਸ ਦੀ ਸ਼ੁਰੂਆਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੱਗ ਨੇ ਪਟਿਆਲਾ ਪਹੁੰਚ ਕੀਤੀ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਜ ਜ਼ਿਲ੍ਹੇ ਦੇ 9 ਥਾਵਾਂ ਦਾ ਦੌਰਾ ਕਰਨਗੇ, ਜਿਸ ਦੀ ਸ਼ੁਰੂਆਤ ਵਕੀਲ ਦਿਨੇਸ਼ ਸ਼ਰਮਾ ਦੇ ਘਰ ਪਹੁੰਚ ਕੇ ਕੀਤੀ, ਜਿਥੇ ਉਨ੍ਹਾਂ ਦਾ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪ੍ਰਧਾਨ ਰਾਜਾ ਵੜਿੰਗ ਨਾਲ ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਪੁੱਜੇ ਹੋਏ ਸਨ।
]ਰਾਜਾ ਵੜਿੰਗ ਦਾ ਢੋਲ ਢਮੱਕਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਪ੍ਰੌਕੇ ਗੱਲਬਾਤ ਕਰਦਿਆਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅੱਜ ਸਾਰਾ ਦਿਨ ਸ਼ਹਿਰੀ ਅਤੇ ਦਿਹਾਤੀ ਖੇਤਰ ਵਿਚ ਕਾਂਗਰਸੀ ਵਰਕਰਾਂ ਨਾਲ ਮਿਲਣੀ ਕਰਕੇ ਉਨ੍ਹਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਜਲਦ ਹੀ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਨਾਵਾਂ ਦੀ ਲਿਸਟ ਹਾਈਕਮਾਂਡ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਾਂਗਰਸੀ ਵਰਕਰ ਨੂੰ ਨਰਾਜ਼ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਇਕ ਵੱਡੇ ਛੋਟੇ ਕਾਂਗਰਸੀ ਵਰਕਰ ਤੱਕ ਪਹੁੰਚ ਕਰਕੇ ਨਿਗਮ ਚੋਣਾਂ ਲੜੀਆਂ ਜਾਣਗੀਆਂ।
ਇਕ ਸਵਾਲ ਦੇ ਜਵਾਬ ਵੜਿੰਗ ਨੇ ਕਿਹਾ ਕਿ ਸ਼ਹਿਰ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਟੁੱਟ ਚੁੱਕਿਆ ਹੈ ਅਤੇ ਹੁਣ ਉਨ੍ਹਾਂ ਦਾ ਦੌਰ ਖ਼ਤਮ ਹੋ ਚੁੱਕਿਆ ਹੈ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਵੱਡੇ ਵੱਡੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਸੱਤ ਮਹੀਨਿਆਂ ਵਿਚ ਅਜਿਹਾ ਕੁਝ ਵੀ ਨਹੀਂ ਕਰ ਸਕੀ, ਜੋ ਕਾਂਗਰਸ ਸਰਕਾਰ ਸਮੇਂ ਹੁੰਦਾ ਆਇਆ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕੀਤਾ ਕਿ ਸਰਕਾਰ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰ ਰਹੀ ਹੈ, ਜਿਸ ਦੇ ਰਾਜ ਵਿਚ ਗੈਂਗਸਟਰਵਾਦ ਭਾਰੂ ਹੈ ਅਤੇ ਪੰਜਾਬ ਨੂੰ ਮੁੜ ਤੋਂ ਪੁਰਾਣੇ ਮਾਹੌਲ ਵੱਲ ਧੱਕਿਆ ਜਾ ਰਿਹਾ ਹੈ। ਸਵਾਲ ਦਾ ਜਵਾਬ ਦਿੰਦਿਆਂ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਈ ਡੀ ਵਰਗੀਆਂ ਏਜੰਸੀਆਂ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਵਿਜੈ ਇੰਦਰ ਸਿੰਗਲਾ ਖਿਲਾਫ਼ ਭਗਵੰਤ ਮਾਨ ਦੀ ਸਰਕਾਰ ਕੋਈ ਵੀ ਇਨਕੁਆਰੀ ਕਰਨੀ ਚਾਹੁੰਦੀ ਹੈ ਤਾਂ ਕਰ ਸਕਦੀ ਹੈ? ਪ੍ਰੰਤੂ ਦੋਸ਼ੀ ਕੌਣ ਹੈ ਇਸ ਬਾਰੇ ਅਦਾਲਤਾਂ ਹੀ ਸਪੱਸ਼ਟ ਕਰ ਸਕਦੀਆਂ ਹਨ।

