ਜੀ-20 ਸ਼ਿਖਰ ਸੰਮੇਲਨ ਸਬੰਧੀ ਅੰਮਿ੍ਰਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ
ਕੈਬਨਿਟ ਸਬ ਕਮੇਟੀ ਨੇ ਅਧਿਕਾਰੀਆਂ ਨੂੰ ਸਬੰਧਤ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 7 ਨਵੰਬਰ (ਮਧੂਸਾਰ ਬਿਊਰੋ) ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਅਜ ਦਿਨ ਸੋਮਵਾਰ ਨੂੰ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮਿ੍ਰਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸਾਂ ਦੇ ਰਾਸਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਹਨਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਰਾਜ ਵਿੱਚ ਹੋਣ ਜਾ ਰਿਹਾ ਹੈ।
ਕੈਬਨਿਟ ਮੰਤਰੀ ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਜੀ-20 ਸੰਮੇਲਨ ਲਈ ਅੰਮਿ੍ਰਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿੱਥੇ ਸੂਬਾ ਵਿਸ਼ਵ ਸੂਬਾ ਸੈਰ-ਸਪਾਟੇ ਦੇ ਨਕਸੇ ‘ਤੇ ਉਭਰੇਗਾ ਉਥੇ ਨਾਲ ਹੀ ਨਿਵੇਸ ਨੂੰ ਵੀ ਹੁਲਾਰਾ ਮਿਲਣ ਦੀ ਸੰਭਾਵਨਾ ਹੈ।
ਉਹਨਾਂ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਦਿੰਦੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇਗਾ ਉਹ ਕੇਵਲ ਪ੍ਰੋਗਰਾਮ ਲਈ ਨਹੀਂ, ਬਲਕਿ ਸ਼ਹਿਰ ਵਾਸੀਆਂ ਦੀ ਲੋੜ ਅਨੁਸਾਰ ਮਜਬੂਤ ਅਤੇ ਹੰਢਣਸਾਰ ਕੰਮ ਹੋਣਗੇ। ਉਹਨਾਂ ਦੱਸਿਆ ਕਿ ਕੀਤੇ ਜਾਣ ਵਾਲੇ ਕੰਮਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੇ ਕੰਮ, ਗਰੀਨ ਬੈਲਟ ਬਨਾਉਣਾ, ਗੋਲਡਨ ਗੇਟ ਨੂੰ ਰੰਗ ਕਰਨਾ, ਸਾਲਿਡ ਵੇਸਟ ਮੈਨੇਜਮੈਂਟ ਦੇ ਕੰਮ ਵਿੱਚ ਸੁਧਾਰ, ਸਾਇਨੇਜ ਬੋਰਡ ਲਗਾਉਣਾ,ਬਿਜਲੀ ਤੇ ਟਰੈਫਿਕ ਲਾਈਟਾਂ ਦੇ ਕੰਮ ਸ਼ਾਮਲ ਹਨ।
ਕੈਬਨਿਟ ਸਬ ਕਮੇਟੀ ਨੇ ਮੀਟਿੰਗ ਵਿੱਚ ਹਾਜਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਹਨ ਕਿ ਹਰ ਹੀਲੇ ਅੰਮਿ੍ਰਤਸਰ ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

