ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ, ਦਰਬਾਰ ’ਚ ਸੁੰਦਰ ਜਲੌ ਸਜਾਏ
ਫੁੱਲਾਂ ਨਾਲ ਸਜਾਵਟ, ਸੰਗਤਾਂ ਨੇ ਜਗਾਈਆਂ ਮੋਮਬੱਤੀਆਂ, ਦੀਪਮਾਲਾ ਰਹੀ ਖਿੱਚ ਦਾ ਕੇਂਦਰ

ਗੁਰੂ ਸਾਹਿਬ ਨੇ ਅਗਿਆਨਤਾ ਦੇ ਹਨੇਰੇ ’ਚੋਂ ਕੱਢਣ ਕੀਤਾ ਮਹਾਨ ਕਾਰਜ : ਪ੍ਰੋ. ਬਡੂੰਗਰ

ਪਟਿਆਲਾ 8 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਮੁੱਚੀ ਮਾਨਵਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਸੰਸਥਾਪਕ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਗੁਰੂ ਘਰ ਨਤਮਸਤਕ ਹੋ ਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਢਾਡੀ ਅਤੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਗੁਰਬਾਣੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਆਸਥਾ ਦਾ ਪ੍ਰਗਟਾਵਾ ਕਰਦਿਆਂ ਪਵਿੱਤਰ ਸਰੋਵਰ ਦੇ ਆਸ ਪਾਸ ਮੋਮਬੱਤੀ ਜਗਾਈਆਂ ਅਤੇ ਇਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰੂ ਦਰਬਾਰ ਵਿਚ ਸੁੰਦਰ ਜਲੌ ਸਜਾਏ ਗਏ ਅਤੇ ਵੱਖ ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ ਵੀ ਖਿੱਚ ਦਾ ਕੇਂਦਰ ਬਣੀ। ਪੂਰਨਮਾਸ਼ੀ ਦੇ ਇਸ ਪਵਿੱਤਰ ਦਿਹਾੜੇ ’ਤੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਵੀ ਕਰਵਾਇਆ ਗਿਆ। ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਇਸੇ ਤਰ੍ਹਾਂ ਪ੍ਰਬੰਧ ਅਧੀਨ ਗੁਰਦੁਆਰਾ ਮੋਤੀ ਬਾਗ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ।
ਦੀਵਾਨ ਹਾਲ ਵਿਖੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਫਲਸਫਾ ਮਨੁੱਖ ਨੂੰ ਕਿਰਤ ਕਰਨ, ਵੰਡ ਛਕਣ ਅਤੇ ਨਾਮ ਸਿਮਰਨ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਬ੍ਰਹਿਮੰਡੀ ਚੇਤਨਾ ਦੇ ਨਾਇਕ ਅਤੇ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ, ਜਿਨ੍ਹਾਂ ਦੀ ਗੁਰਬਾਣੀ ਦਾ ਉਦੇਸ਼ ਸਰਬੱਤ ਦਾ ਭਲਾ ਹੈ ਕਿਉਂਕਿ ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ ਰਾਹੀਂ ਗੁਰਬਾਣੀ ਦਾ ਪ੍ਰਚਾਰ ਪਸਾਰ ਕਰਦਿਆਂ ਸਮੁੱਚੀ ਲੋਕਾਈ ਨੂੰ ਅਗਿਆਨਤਾ ਦੇ ਹਨੇਰੇ ਵਿਚੋਂ ਕੱਢਣ ਦਾ ਮਹਾਨ ਕਾਰਜ ਕੀਤਾ ਅੱਜ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣਾ ਸਭ ਦਾ ਅਹਿਮ ਕਰਤੱਵ ਹੈ। ਗੁਰਦੁਆਰਾ ਪ੍ਰਬੰਧਕ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਵੱਲੋਂ ਸਾਬਕਾ ਪ੍ਰਧਾਨ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਮੈਨੇ. ਸੁਰਜੀਤ ਸਿੰਘ ਬਹਾਦਰਗੜ੍ਹ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੈਡ ਗੰ੍ਰਥੀ ਭਾਈ ਹਰਵਿੰਦਰ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

