ਸੂਬੇ ’ਚ ਐਨਆਰਆਈਜ਼ ਪਰਿਵਾਰਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਮੁਆਫੀ ਮੰਗਣ : ਪ੍ਰੋ. ਚੰਦੂਮਾਜਰਾ
ਨਿੱਤ ਵਾਪਰਦੀਆਂ ਘਟਨਾਵਾਂ ਕਾਰਨ ਅਮਨ ਕਾਨੂੰਨ ਦੀ ਵਿਵਸਥਾ ਹੋਈ ਭੰਗ
ਪਟਿਆਲਾ 11 ਨਵੰਬਰ (ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਨਿੱਤ ਵਾਪਰਦੀਆਂ ਘਟਨਾਵਾਂ ਅਤੇ ਹੋਰ ਰਹੀ ਕਤਲੋਗਾਰਤ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨੇ ਆਉਂਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੋ ਚੁੱਕੀ ਹੈ ਅਤੇ ਸਰਕਾਰ ਗੁਜਰਾਤ ਵਿਚ ਜਾ ਕੇ ਭੰਗੜੇ ਪਾ ਰਹੀ ਹੈ। ਪ੍ਰੋ. ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੂਬੇ ਦੀ ਹਾਲਤ ਇਹ ਹਨ ਕਿ ਐਨਆਰਆਈ ਪਰਿਵਾਰ ਮੁੜ ਪੰਜਾਬ ਨਹੀਂ ਆਉਣਾ ਚਾਹੁੰਦੇ ਕਿਉਂਕਿ ਗੁੰਡਾ ਅਨਸਰਾਂ ਵੱਲੋਂ ਉਨ੍ਹਾਂ ’ਤੇ ਹਮਲੇ ਕੀਤੇ ਜਾ ਰਹੇ ਅਤੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮਾਂ ਵਿਚ ਗੁੰਡਾ ਅਨਸਰਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਦਾ ਨਾਚ ਕੀਤਾ ਜਾਂਦਾ ਹੈ ਅਤੇ ਸਰਕਾਰ ਆਪਣੀ ਚੁੱਪ ਤੋੜਨ ਲਈ ਤਿਆਰ ਨਹੀਂ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅੰਮਿ੍ਰਤਸਰ ਵਿਖੇ ਐਨਆਰਆਈ ਪਰਿਵਾਰ ਨਾਲ ਵਾਪਰੀ ਘਟਨਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਕਿਉਂਕਿ ਜੇ ਸੂਬੇ ਵਿਚ ਐਨਆਰਆਈਜ਼ ਪਰਿਵਾਰ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਕੀ ਹਾਲਤ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ਵੱਲੋਂ ਨਿੱਤ ਵਾਪਰਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਜਾ ਰਹੀ ਹੈ ਅਤੇ ਸਰਕਾਰ ਸੁੱਤੀ ਪਈ ਹੈ। ਪ੍ਰੋ. ਚੰਦੂਮਾਜਰਾ ਨੇ ਅੰਮਿ੍ਰਤਸਰ ਵਿਖੇ ਐਨਆਰਆਈ ਪਰਿਵਾਰਾਂ ’ਤੇ ਕੀਤੇ ਗਏ ਹਮਲੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਸੂਬੇ ਵਿਚ ਜੰਗਲ ਰਾਜ ਚੱਲ ਰਿਹਾ ਹੈ ਅਤੇ ਗੱਲ ਪੰਜਾਬ ਪੁਲਿਸ ਅਤੇ ਸਰਕਾਰ ਦੇ ਬਾਹਰ ਹੋ ਗਈ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਪਾਸੇ ਤਾਂ ਐਨਆਰਆਈਜ਼ ਨੂੰ ਸੂਬੇ ਵਿਚ ਨਿਵੇਸ਼ ਕਰਨ ਦੀਆਂ ਗੱਲਾਂ ਕਰ ਰਹੇ ਹਨ ਦੂਜੇ ਪਾਸੇ ਐਨਆਰਆਈ ਇਹ ਕਹਿ ਰਹੇ ਹਨ ਕਿ ਉਹ ਮੁੜ ਕਦੇ ਪੰਜਾਬ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਗੜੇ ਰਹੇ ਹਾਲਾਤਾਂ ਕਾਰਨ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਐਨਆਰਆਈਜ਼ ਦੀ ਬਦੌਲਤ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਅੱਜ ਪਰਵਾਸੀ ਪਰਿਵਾਰ ਹੀ ਸੂਬੇ ਵਿਚ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਖੁਦ ਹੀ ਸੁਚੇਤ ਰਹਿਣਾ ਹੋਵੇਗਾ ਕਿਉਂਕਿ ਪੰਜਾਬ ਪੁਲਿਸ ਦੇ ਸਾਹਮਣੇ ਵੱਡੀਆਂ ਘਟਨਾਵਾਂ ਅਤੇ ਚੈਲੰਜ ਖੜੇ ਹੋ ਰਹੇ ਹਨ ਤੇ ਸਰਕਾਰ ਸੁੱਤੀ ਪਈ ਹੈ।

