ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ : ਈਸ਼ਾ ਸਿੰਘਲ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਮੀਟਿੰਗ ‘ਚ ਸਮਾਰਟ ਵਿਲੇਜ ਮੁਹਿੰਮ, ਵਿਕਾਸ ਫੰਡਾਂ ਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ
ਪਟਿਆਲਾ, 25 ਨਵੰਬਰ: (ਰਮਨਦੀਪ/ਮਧੂਸਾਰ ਬਿਊਰੋ) ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ‘ਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ ਕੰਮ ਮੁਕੰਮਲ ਹੋਣ ਦੇ ਤੁਰੰਤ ਬਾਅਦ ਜਮਾਂ ਕਰਨੇ ਯਕੀਨੀ ਬਣਾਏ ਜਾਣ। ਇਥੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ, ਐਮ.ਪੀ. ਲੈਡਜ. ਆਰ.ਡੀ.ਐਫ., ਕੈਟਲ ਫੇਅਰ ਫੰਡ ਅਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਦਿਆਂ ਏ.ਡੀ.ਸੀ. ਈਸ਼ਾ ਸਿੰਘਲ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਚੱਲ ਰਹੇ ਕੰਮਾਂ ਦੌਰਾਨ ਲੋਕਾਂ ਦੀ ਸਹੂਲਤ ਦਾ ਧਿਆਨ ਵੀ ਰੱਖਿਆ ਜਾਵੇ।
ਉਨ੍ਹਾਂ ਮਗਨਰੇਗਾ ਵਿੱਚ ਹੋਰਨਾਂ ਵਿਭਾਗਾਂ ਦੀ ਸ਼ਮੂਲੀਅਤ ਕਰਵਾਉਣ ਤੇ ਲੋੜਵੰਦਾਂ ਦੇ ਜਾਬ ਕਾਰਡ ਬਣਾਕੇ ਕੰਮ ਮੁਹੱਈਆ ਕਰਵਾਉਣ ਲਈ ਵਿਭਾਗਾਂ ਨੂੰ ਆਪਣੀ ਪ੍ਰੈਜ਼ਨਟੇਸ਼ਨ ਬਣਾਉਣ ਲਈ ਕਿਹਾ। ਉਨ੍ਹਾਂ ਬਾਗਬਾਨੀ ਵਿਭਾਗ ਨੂੰ ਜ਼ਿਲ੍ਹੇ ਵਿੱਚ ਮੈਡੀਸ਼ਨਲ ਬੂਟੇ ਤੇ ਡਰੇਗਨ ਫਰੂਟ ਲਗਾਉਣ ਲਈ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਬਲਾਕ ਵਿੱਚ ਪੰਜ ਸਥਾਨਾਂ ਦੀ ਚੋਣ ਕਰਕੇ ਉਥੇ ਅਜਿਹੇ ਬੂਟੇ ਲਗਾਉਣ ਲਈ ਕੰਮ ਸ਼ੁਰੂ ਕੀਤਾ ਜਾਵੇ। ਇਸੇ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.33 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਤੇ ਹੁਣ ਤੱਕ 2.10 ਲੱਖ ਹੈਕਟੇਅਰ ਵਿੱਚ ਬਿਜਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ ਅਤੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

