ਖ਼ਾਲਸਾ ਕਾਲਜ ਪਟਿਆਲਾ ਵਿਖੇ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ ਸੰਸਦੀ ਮਾਮਲਿਆਂ ਬਾਰੇ ਮੰਤਰਾਲੇ ਭਾਰਤ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਿਕ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਸੰਸਾਰ ਦੇ ਬਾਕੀ ਸਾਰੇ ਦੇਸਾਂ ਦੇ ਸੰਵਿਧਾਨਾਂ ਦੀਆਂ ਚੰਗੀਆਂ ਵਿਵਸਥਾਵਾਂ ਦਾ ਨਿਚੋੜ ਅਤੇ ਸੰਵਿਧਾਨ ਨਿਰਮਾਤਾਵਾਂ ਦੀ ਦੂਰ-ਦਿ੍ਰਸ਼ਟੀ ਦਾ ਪ੍ਰਤੀਕ ਹੈ।
ਪ੍ਰੋ. ਜਤਿੰਦਰ ਸਿੰਘ ਭੁਟਾਲ ਡੀਨ ਸੋਸ਼ਲ ਸਾਇੰਸ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨਿਰਮਾਤਾਵਾਂ ਨੇ ਅਜਿਹੇ ਮੌਲਿਕ ਸਿਧਾਂਤਾਂ ਨੂੰ ਸੰਵਿਧਾਨ ਦਾ ਆਧਾਰ ਬਣਾਇਆ ਹੈ ਜਿਨ੍ਹਾਂ ਨੂੰ ਅਮਲੀ ਰੂਪ ਦੇ ਕੇ ਹੀ ਭਾਰਤ ਇਕ ਰਾਸ਼ਟਰ ਦੇ ਰੂਪ ਵਿੱਚ ਵਿਕਾਸ ਕਰ ਸਕਦਾ ਹੈ। ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਕਿ ਸੰਵਿਧਾਨ ਦਿਵਸ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਭਾਰਤੀ ਸਵਿਧਾਨ ਪ੍ਰਤੀ ਜਾਗਰੂਕ ਕਰਨਾ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਦੇ ਯੋਗਦਾਨ ਨੂੰ ਸਜਦਾ ਕਰਨਾ ਹੈ। ਇਸ ਸਮਾਗਮ ਦੌਰਾਨ ਭਾਰਤੀ ਸੰਵਿਧਾਨ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਸਬੰਧੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਮੰਚ ਦਾ ਸੰਚਾਲਨ ਪ੍ਰੋ. ਹਰਮਨਪ੍ਰੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਕੌਰ ਵੱਲੋਂ ਬਾਖੂਬੀ ਕੀਤਾ ਗਿਆ।

