ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਸੰਗਤਾਂ ਬਣੀਆਂ ਝਾੜੂ ਬਰਦਾਰ, ਨਿਰਸਿੰਙਆ ਦੀ ਧੁੰਨ ਬਣੀ ਖਿੱਚ ਦਾ ਕੇਂਦਰ

ਸ਼ਬਦ ਚੌਂਕੀ ਜੱਥਿਆਂ, ਬੈਂਡ ਪਾਰਟੀ ਅਤੇ ਸਿੱਖ ਸਭਾਵਾਂ ਸੁਸਾਇਟੀਆਂ ਨੇ ਕੀਤੀ ਸ਼ਮੂਲੀਅਤ

ਨੌਵੇਂ ਪਾਤਸ਼ਾਹ ਦੀ ਸ਼ਹੀਦੀ ਧਰਮ ਦੇ ਮਾਰਗ ’ਤੇ ਚੱਲਕੇ ਅਡੋਲ ਰਹਿਣ ਦੀ ਵੱਡੀ ਪ੍ਰੇਰਨਾ : ਪ੍ਰੋ. ਬਡੂੰਗਰ

ਪਟਿਆਲਾ 26 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਅੱਜ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਨਾਲ ਕੀਤੀ ਗਈ। ਇਸ ਉਪਰੰਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਦਬ ਅਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ’ਚ ਸੁਸ਼ੋਭਿਤ ਕੀਤਾ। ਪਾਲਕੀ ਸਾਹਿਬ ਦੇ ਅੱਗੇ ਪੰਜ ਨਿਸ਼ਾਨਚੀ ਸਿੰਘ, ਨਿਰਸਿੰਙਆ ਦੀ ਧੁੰਨ ਅਤੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਚੱਲ ਰਹੀਆਂ ਸੰਗਤਾਂ ਨਾਲ ਨਗਰ ਕੀਰਤਨ ਖਿੱਚ ਦਾ ਕੇਂਦਰ ਰਹੀਆਂ। ਨਗਰ ਕੀਰਤਨ ਦੌਰਾਨ ਸ਼ਬਦੀ ਜੱਥਿਆਂ ਵੱਲੋਂ ਨਾਮ ਸਿਮਰਨ ਅਤੇ ਪਾਲਕੀ ਸਾਹਿਬ ਨਾਲ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ। ਇਸ ਮੌਕੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ ਅਤੇ ਕੇਸਰੀ ਪਹਿਰਾਵੇ ’ਚ ਪੁੱਜੀਆਂ ਸੰਗਤਾਂ ਨੇ ਅਲੌਕਿਕ ਰੰਗ ਪ੍ਰਦਾਨ ਕੀਤਾ। ਪਾਲਕੀ ਸਾਹਿਬ ਦੇ ਅੱਗੇ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ ਅਤੇ ਸੰਗਤਾਂ ਝਾੜੂ ਬਰਦਾਰ ਬਣਕੇ ਗੁਰਬਾਣੀ ਕਰਦੀਆਂ ਚੱਲ ਰਹੀਆਂ ਸਨ।
ਨਗਰ ਕੀਰਤਨ ਦੇ ਰਵਾਨਗੀ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਸਮੇਲ ਸਿੰਘ ਲਾਛੜੂ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਇਸ ਕਰਕੇ ਵਿਲੱਖਣ ਹੈ ਕਿਉਂਕਿ ਗੁਰੂ ਸਾਹਿਬ ਨੇ ਕੇਵਲ ਧਰਮ ਲਈ ਹੀ ਨਹੀਂ ਬਲਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ। ਗੁਰੂ ਸਾਹਿਬ ਦੀ ਸ਼ਹੀਦੀ ਧਰਮ ਦੇ ਮਾਰਗ ’ਤੇ ਚੱਲਦਿਆਂ ਅਡੋਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ। ਪ੍ਰਮਾਤਮਾ ਦੇ ਭਾਣੇ ’ਚ ਰਹਿ ਕੇ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਜ਼ਬਰ ਅਤੇ ਜ਼ੁਲਮ ਸਹਿਣ ਦੀ ਜਿਥੇ ਸ਼ਕਤੀ ਪ੍ਰਦਾਨ ਕੀਤੀ ਹੈ, ਉਥੇ ਹੀ ਨਿਰਭਉ, ਨਿਰਵੈਰ ਰਹਿੰਦਿਆਂ ਸਿਦਕ ਅਤੇ ਸਹਿਜ ਨੂੰ ਧਾਰਨ ਕਰਨ ਦਾ ਮਾਰਗ ਪ੍ਰਦਾਨ ਕੀਤਾ ਹੈ। ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹੈਡ ਗ੍ਰੰਥੀ ਅਕਾਲੀ ਫੂਲਾ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਬਹਾਦਰਗੜ੍ਹ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ ਇੰਦਰਜੀਤ ਸਿੰਘ ਗਿੱਲ, ਮੀਤ ਮੈਨੇ. ਗੁਰਮੀਤ ਸਿੰਘ ਸੁਨਾਮ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਭਗਵੰਤ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਜੋਗਿੰਦਰ ਸਿੰਘ ਪੰਛੀ, ਕੰਵਲਜੀਤ ਸਿੰਘ ਗੋਨਾ, ਜਸਬੀਰ ਸਿੰਘ ਸੇਠੀ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਤੇਜ ਸਿੰਘ ਤੋਂ ਇਲਾਵਾ ਸੁਖਵਿੰਦਰਪਾਲ ਸਿੰਘ ਮਿੰਟਾ, ਭੁਪਿੰਦਰ ਸਿੰਘ ਸ਼ੇਖੂਪੁਰਾ, ਜਸਵਿੰਦਰਪਾਲ ਸਿੰਘ ਚੱਢਾ ਆਦਿ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

