ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ
ਪਟਿਆਲਾ, 5 ਦਸੰਬਰ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਵਿਸ਼ਵ ਭੂਮੀ ਦਿਵਸ ਦੇ ਮੌਕੇ ਉਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ‘ਭੂਮੀ : ਜਿਥੋ ਭੋਜਨ ਦੀ ਸ਼ੁਰੂਆਤ ਹੋਈ’ ਦੇ ਸੁਨੇਹਾ ਨਾਲ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ 45 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੁੱਜੇ ਕਿਸਾਨਾਂ ਨੂੰ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਜੀ-ਆਇਆ ਆਖਿਆ ਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਡਾ. ਗੁਰਪ੍ਰੀਤ ਸਿੰਘ ਨੇ ਮਿੱਟੀ ਅਤੇ ਪਾਣੀ ਦੀ ਪਰਖ ਅਤੇ ਨਮੂਨਾ ਲੈਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਡਾ. ਗੁਰਨਾਜ਼ ਸਿੰਘ ਗਿੱਲ ਨੇ ਪਰਾਲੀ ਨੂੰ ਸਾੜਨ ਨਾਲ ਭੂਮੀ ਉੱਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਰਾਲੀ ਪ੍ਰਬੰਧਨ ਕਰਨ ਲਈ ਹੋਰ ਜ਼ਰੂਰੀ ਨੁਕਤੇ ਸਾਂਝੇ ਕੀਤੇ। ਸਹਾਇਕ ਪ੍ਰੋਫੈਸਰ (ਪੌਦ ਵਿਗਿਆਨ) ਡਾ. ਹਰਦੀਪ ਸਿੰਘ ਸਭੀਖੀ ਅਤੇ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਕੇ.ਵੀ.ਕੇ., ਪਟਿਆਲਾ ਦੀ ਮਿੱਟੀ ਅਤੇ ਪਾਣੀ ਪਰਖ ਲੈਬ ਦਾ ਦੌਰਾ ਕਰਵਾਇਆ। ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਬਾਗ ਲਗਾਉਣ ਲਈ ਮਿੱਟੀ ਦਾ ਨਮੂਨਾ ਲੈਣ ਦੀ ਵਿਧੀ ਬਾਰੇ ਸਮਝਾਇਆ। ਜ਼ਿਲ੍ਹਾ ਪਸਾਰ ਮਾਹਿਰ (ਸੀ.ਮੋ.) ਡਾ. ਗੁਰਪ੍ਰੀਤ ਕੌਰ ਨੇ ਖੇਤੀਬਾੜੀ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਨੇ ਆਏ ਹੋਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ।

