ਪੰਜਾਬ

ਲੋਕ-ਲਭਾਊ ਸਕੀਮਾਂ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾ ਰਹੀਆਂ ਹਨ: ਬਾਜਵਾ

ਮੁਫ਼ਤ ਬਿਜਲੀ ਸਕੀਮ ਅਤੇ ਹਰ ਔਰਤ ਲਈ ਵਿੱਤੀ ਸਹਾਇਤਾ ਨਾਲ ਹਰ ਸਾਲ ਘੱਟੋ-ਘੱਟ 20,600 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦੀ ਉਮੀਦ ਹੈ।

ਚੰਡੀਗੜ੍ਹ, 7 ਦਸੰਬਰ (ਮਧੂਸਾਰ ਬਿਊਰੋ) ਭਗਵੰਤ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਐਲਾਨੀਆਂ ਗਈਆਂ ਲੋਕ-ਲਭਾਊ ਯੋਜਨਾਵਾਂ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੀ ਹੋਵੇਗਾ। ਬਾਜਵਾ ਨੇ ਕਿਹਾ ਕਿ ਲੋਕ-ਲਭਾਊ ਸਕੀਮਾਂ ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਨੂੰ ਬਹੁਤ ਜ਼ਿਆਦਾ ਮਹਿੰਗੀਆਂ ਪੈਣਗੀਆਂ। ਅਜਿਹੀਆਂ ਬਿਨਾ ਸੋਚੇ ਸਮਝੇ ਘੜੀਆਂ ਸਕੀਮਾਂ ਪੰਜਾਬ ਦੀ ਵਿੱਤੀ ਸਿਹਤ ਨੂੰ ਮੁਰੰਮਤ ਕਰਨ ਨਾਲੋਂ ਜ਼ਿਆਦਾ ਨੁਕਸਾਨ ਪਹੁੰਚਾਉਣਗੀਆਂ। ਮੀਡੀਆ ਰਿਪੋਰਟਾਂ ਵਿੱਚ ਇਹ ਪਹਿਲਾਂ ਹੀ ਅੰਦਾਜ਼ਾ ਲਗਾਇਆ ਗਿਆ ਹੈ ਕਿ ਮੁਫ਼ਤ ਬਿਜਲੀ ਸਕੀਮਾਂ ਅਤੇ 18 ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਲਈ 1,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਨਾਲ ਹਰ ਸਾਲ ਘੱਟੋ-ਘੱਟ 20,600 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦੀ ਉਮੀਦ ਹੈ।

‘ਆਪ’ ਸਰਕਾਰ ਦੀ ਮੁਫ਼ਤ ਬਿਜਲੀ ਯੋਜਨਾ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇੱਕ ਖ਼ਬਰ ਮੁਤਾਬਿਕ ਪੰਜਾਬ ਦੇ ਕੁੱਲ 74 ਲੱਖ ਘਰੇਲੂ ਖਪਤਕਾਰਾਂ ਵਿਚੋਂ 87 ਫ਼ੀਸਦੀ ਨੂੰ ਨਵੰਬਰ ਮਹੀਨੇ ‘ਜ਼ੀਰੋ ਬਿੱਲ’ ਆਏ, ਜਿਸ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਹੋਰ ਭਾਰੀ ਨੁਕਸਾਨ ਹੋਵੇਗਾ, ਜੋ ਪਹਿਲਾਂ ਹੀ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀ ਹੈ”, ਵਿਰੋਧੀ ਧਿਰ ਦੇ ਆਗੂ ਨੇ ਕਿਹਾ। ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਫਰਵਰੀ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਲੁਭਾਉਣ ਲਈ ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਰੋਸਾ ਦਿੱਤਾ ਸੀ ਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਬੰਦ ਕਰਵਾਉਣਗੇ, ਜਿਸ ਨਾਲ 20,000 ਕਰੋੜ ਰੁਪਏ ਦੀ ਆਮਦਨ ਹੋਵੇਗੀ, ਜਿਸ ਨੂੰ ਲੋਕਾਂ ਦੇ ਫ਼ਾਇਦੇ ਲਈ ਵਰਤਿਆ ਜਾਵੇਗਾ। ਉਨ੍ਹਾਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਵੀ ਅਜਿਹੇ ਹੀ ਦਾਅਵੇ ਕੀਤੇ। “ਪਰ ਹੁਣ, ਉਨ੍ਹਾਂ ਦੀਆਂ ਸਾਰੀਆਂ ਵਚਨਬੱਧਤਾਵਾਂ ਅਤੇ ਗਰੰਟੀਆਂ ਵਿਅਰਥ ਸਾਬਤ ਹੋਈਆਂ ਹਨ ਕਿਉਂਕਿ ‘ਆਪ’ ਸਰਕਾਰ ਉਧਾਰ ਦੇ ਪੈਸੇ ਅਤੇ ਕਰਜ਼ੇ ਨਾਲ ਸੂਬੇ ਵਿੱਚ ਜ਼ਰੂਰੀ ਗਤੀਵਿਧੀਆਂ ਦਾ ਪ੍ਰਬੰਧਨ ਕਰ ਰਹੀ ਹੈ। ਆਰ. ਬੀ. ਆਈ. ਦੇ ਅਨੁਸਾਰ, ਪੰਜਾਬ ‘ਤੇ 2021-22 ਵਿੱਚ 3 ਲੱਖ ਕਰੋੜ ਰੁਪਏ ਦਾ ਕਰਜ਼ਾ ਇਕੱਠਾ ਹੋਇਆ ਹੈ” ਬਾਜਵਾ ਨੇ ਕਿਹਾ, ਜੋ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕ ਦੁਬਾਰਾ ਸੁਰਜੀਤ ਕਰਨ ਲਈ ਪੰਜਾਬ ਦੇ ਤਿੰਨ ਉੱਘੇ ਅਰਥ ਸ਼ਾਸਤਰੀਆਂ ਨੇ ਪਹਿਲਾਂ ਹੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ 2023-24 ਦੇ ਆਗਾਮੀ ਬਜਟ ਵਿੱਚ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *