ਪੂਰਨਮਾਸ਼ੀ ਦੇ ਦਿਹਾੜੇ ’ਤੇ 77 ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ
ਪਟਿਆਲਾ 8 ਦਸੰਬਰ (ਰਮਨਦੀਪ/ਮਧੂਸਾਰ ਬਿਊਰੋ) ਪੂਰਨਮਾਸ਼ੀ ਦੇ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੀਵਾਨ ਹਾਲ ’ਚ ਅੰਮਿ੍ਰਤ ਸੰਚਾਰ ਕਰਵਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ’ਚ ਪੰਜ ਪਿਆਰੇ ਸਾਹਿਬਾਨ ਵੱਲੋਂ ਅੰਮਿ੍ਰਤ ਦਾ ਬਾਟਾ ਤਿਆਰ ਕੀਤਾ ਅਤੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਆਈ ਸੰਗਤ ਨੇ ਅੰਮਿ੍ਰਤ ਦੀ ਦਾਤ ਹਾਸਲ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ 77 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਰਤ ਦੀ ਦਾਤ ਹਾਸਲ ਕੀਤੀ, ਜਿਨਾਂ ਵਿਚ ਮਹਿਲਾਵਾਂ, ਬਜ਼ੁਰਗ, ਨੌਜਵਾਨ ਅਤੇ ਬੱਚਿਆਂ ਨੇ ਖੰਡੇ ਬਾਟੇ ਦੇ ਪਾਹੁਲ ਲੈਣ ਲਈ ਸ਼ਾਮਲ ਹੋਏ।
ਇਸ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸੰਗਤਾਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਫੁਰਮਾਨ ਹੈ ਕਿ ‘ਰਹਿਤ ਪਿਆਰੀ ਮੁਝ ਕੋ’ ਦੇ ਸਿਧਾਂਤ ਨੂੰ ਆਪਣੇ ਜੀਵਨ ਅਪਨਾਉਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਖਾਲਸਾ ਅਜ਼ਾਦੀ ਹਸਤੀ ਦਾ ਪ੍ਰਤੀਕ ਹੈ ਅਤੇ ਗੁਰੂ ਸਾਹਿਬ ਨੇ ਬਾਣੀ ਅਤੇ ਬਾਣਾ ਧਾਰਨ ਕਰਨ ਵਾਲੇ ’ਤੇ ਆਪਣੀ ਬਖਸ਼ਿਸ਼ ਕੀਤੀ ਹੈ ਇਸ ਕਰਕੇ ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲੀ ਸੰਗਤ ਨਾਮ ਸਿਮਰਨ, ਰਹਿਤ ਨੂੰ ਧਾਰਨ ਕਰਨ ਤੋਂ ਇਲਾਵਾ ਸਿੱਖ ਇਤਿਹਾਸ ਨੂੰ ਪੜ੍ਹੇ ਅਤੇ ਧਰਮ ਦੇ ਪ੍ਰਚਾਰ ਪਸਾਰ ਵਿਚ ਆਪਣਾ ਅਹਿਮ ਯੋਗਦਾਨ ਪਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ ਤੇ ਸੰਗਤਾਂ ਆਦਿ ਹਾਜ਼ਰ ਸਨ।

