ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਚੇਤਨਾ ਮਾਰਚ ਦਾ ਆਯੋਜਨ
ਫਤਹਿਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਪ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਸਮਾਜ ਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਨੌਜਵਾਨ ਪੀੜ੍ਹੀ ਲਈ ਸਿੱਖੀ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨਾ ਅਤੇ ਸਿੱਖ ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਧਾਰਮਿਕ ਵਿਚਾਰ ਵਟਾਂਦਰਾ ਵਿਅਕਤੀ ਵਿੱਚ ਆਲੋਚਨਾਤਮਕ ਚੇਤਨਾ ਪੈਦਾ ਕਰਦੇ ਹਨ ਜੋ ਵਿਅਕਤੀ ਨੂੰ ਬੁੱਧੀਮਾਨ ਬਣਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਚੇਤਨਾ ਮਾਰਚ ਯੂਨੀਵਰਸਿਟੀ ਵੱਲੋਂ ਆਪਣੇ ਵਿਦਿਆਰਥੀਆਂ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਵਾਉਣ ਦਾ ਨਿਮਾਣਾ ਜਿਹਾ ਉਪਰਾਲਾ ਹੈ। ਪ੍ਰੋ: ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਅਤੇ ਡਾ: ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਮਾਰਚ ਵਿੱਚ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲੈਣ ਉਪਰੰਤ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਯੂਨੀਵਰਸਿਟੀ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰਬਾਣੀ ਕੀਰਤਨ ਕੀਤਾ। ਚੇਤਨਾ ਮਾਰਚ ਯੂਨੀਵਰਸਿਟੀ ਦੇ ਗੇਟ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ। ਵਿਦਿਆਰਥੀਆਂ ਨੇ ਕੀਰਤਨ ਕਰਦਿਆਂ ਇਸ ਮਾਰਚ ਵਿਚ ਸ਼ਮੂਲੀਅਤ ਕੀਤੀ।

