ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, ( ਸੁਖਬੀਰ ਸਿੰਘ /ਮਧੂਸਾਰ ਬਿਊਰੋ)ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ ਰੇਖ ਹੇਠ ਕਰਵਾਏ ਗੁਰਮਤਿ ਸਮਾਗਮ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਵਿਦਿਆਰਥੀ ਸਮਸ਼ੇਰ ਸਿੰਘ ਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਨ ਕਰਾਇਆ ਗਿਆ। ਸਕੂਲ ਅਧਿਆਪਕ ਸਤਿੰਦਰ ਸਿੰਘ ਤੇ ਸਕੂਲ ਵਿਦਿਆਰਥੀ ਸਰਬਜੀਤ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਗਾਇਨ ਕੀਤੀਆਂ ਗਈਆਂ।
ਇਸ ਮੌਕੇ ਪ੍ਰਿੰ: ਡਾ. ਗੋਗੋਆਣੀ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦੀ ਦਿਹਾੜਿਆਂ ਦੇ ਗੌਰਵਮਈ ਇਤਿਹਾਸ ਤੇ ਦਸਮ ਬਾਣੀ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਦਿਹਾੜੇ ਜਿੱਥੇ ਸਾਡੇ ਲਈ ਵੱਡੀ ਪ੍ਰੇਰਿਕ ਸ਼ਕਤੀ ਹਨ ਉਥੇ ਸਾਨੂੰ ਉੱਤਮ ਜੀਵਨ ਜੀਊਣ ਦੀ ਸਿੱਖਿਆ ਦਿੰਦੇ ਹੋਏ ਸਦਾ ਚੜ੍ਹਦੀ ਕਲਾ ’ਚ ਰਹਿਣ ਦਾ ਬਲ ਬਖਸ਼ਦੇ ਹਨ।

