ਪੰਜਾਬਪਟਿਆਲਾ

ਸ਼ਹੀਦੀ ਸਭਾ ਦੇ ਅਖੀਰਲੇ ਦਿਨ ਵਰਲਡ ਯੂਨੀਵਰਸਿਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਸ਼ਹੀਦੀ ਸਭਾ ਸਮੇ ਵੱਖ-ਵੱਖ ਕੈਂਪ ਆਯੋਜਿਤ ਕੀਤੇ ਗਏ। ਇਨ੍ਹਾਂ ਕੈਂਪ ਵਿੱਚ ਯੂਨੀਵਰਸਿਟੀ ਵੱਲੋਂ ਮੁਫ਼ਤ ਕੈਂਸਰ ਜਾਂਚ ਅਤੇ ਜਾਣਕਾਰੀ ਕੈਂਪ, ਮੁਫ਼ਤ ਫਿਜ਼ੀਓਥੈਰੇਪੀ ਅਤੇ ਹੋਮਿਓਪੈਥੀ ਦੇ ਸੇਵਾ ਕੈਂਪ, ਪੁਸਤਕ ਪ੍ਰਦਰਸ਼ਨੀ, ਦਸਤਾਰ ਸਿਖਲਾਈ ਸੇਵਾ ਕੈਂਪ ਅਤੇ ਸਿੱਖ ਧਰਮ ਨਾਲ ਸਬੰਧਿਤ ਡਾਕੂਮੈਂਟਰੀਆਂ ਦੇ ਸ਼ੋਅ ਸ਼ਾਮਿਲ ਸਨ। ਇਸ ਤੋਂ ਇਲਾਵਾ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ। ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ 23 ਦਸੰਬਰ 2022 ਨੂੰ ਚੇਤਨਾ ਮਾਰਚ ਆਯੋਜਿਤ ਕੀਤਾ।

28 ਦਸੰਬਰ ਨੂੰ ਡਾ. ਪਰਿਤ ਪਾਲ ਸਿੰਘ, ਵਾਈਸ-ਚਾਂਸਲਰ, ਯੂਨੀਵਰਸਿਟੀ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ। ਇਸ ਅਵਸਰ ‘ਤੇ ਡਾ. ਪ੍ਰਿਤਪਾਲ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਦੌਰਾਨ ਚਲਾਏ ਗਏ ਇਨ੍ਹਾਂ ਸਮਾਗਮਾਂ ਅਤੇ ਸੇਵਾ ਕਾਰਜਾਂ ਦਾ ਮੁੱਖ ਉਦੇਸ਼ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਵਿੱਚ ਸਿੱਖ ਵਿਰਸੇ ਸਬੰਧੀ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਉਹ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ ‘ਤੇ ਦਿੱਤੀਆਂ ਲਾਸਾਨੀ ਸ਼ਹਾਦਤਾਂ ਤੋਂ ਸੇਧ ਲੈ ਸਕਣ ਅਤੇ ਆਪਣੇ ਧਰਮ ਨਾਲ ਜੁੜ ਸਕਣ। ਉਹਨ੍ਹਾਂ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਸਮੇਂ-ਸਮੇਂ ‘ਤੇ ਅਜਿਹੀਆਂ ਸਮਾਜਿਕ, ਧਾਰਮਿਕ ਅਤੇ ਉਸਾਰੂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਆਪਣਾ ਫ਼ਰਜ਼ ਸਮਝਦੀ ਹੈ, ਕਿਉਂਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉਤੇ ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਖ ਉਦੇਸ਼ ਹੀ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ।

ਡਾ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਇੰਗਲੈਂਡ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਖੇ ਆਯੋਜਿਤ ਮੁਫਤ ਕੈਂਸਰ ਜਾਂਚ ਅਤੇ ਜਾਣਕਾਰੀ ਕੈਂਪ ਵਿੱਚ ਇੱਕ ਹਾਜ਼ਰ ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਇਸ ਭਿਆਨਕ ਬਿਮਾਰੀ ਤੋਂ ਬਚਣ ਅਤੇ ਇਸ ਦੇ ਇਲਾਜ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿਤੀ ਗਈ। ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਫਿਜ਼ੀਓਥੈਰਪੀ ਅਤੇ ਹੋਮੀਓਪੈਥੀ ਸੇਵਾ ਕੈਂਪਾਂ ਵਿਚ ਵੀ ਇੱਕ ਹਾਜ਼ਰ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਪੰਜ ਸੌ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਦਸਤਾਰ ਸਿਖਲਾਈ ਕੈਂਪਾਂ ਵਿਚ ਭਾਗ ਲਿਆ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਨੂੰ ਸੰਗਤ ਵਲੋਂ ਬਹੁਤ ਹੀ ਬਹੁਤ ਵਧੀਆ ਹੁੰਗਾਰਾ ਮਿਲਿਆ ਅਤੇ ਲਗਭਗ ਤਿੰਨ ਹਾਜ਼ਰ ਤੋਂ ਵੱਧ ਲੋਕਾਂ ਨੇ ਪੁਸਤਕ ਪ੍ਰਦਰਸ਼ਨੀ ਦਾ ਲਾਹਾ ਲਿਆ। ਨਗਰ ਕੀਰਤਨ ਦੌਰਾਨ ਯੂਨੀਵਰਸਿਟੀ ਦੀ ਗੱਤਕਾ ਟੀਮ ਵਲੋਂ ਸ਼ਾਨਦਾਰ ਗੱਤਕੇ ਦੇ ਜੋਹਰ ਪੇਸ਼ ਕੀਤੇ ਗਏ।

Leave a Reply

Your email address will not be published. Required fields are marked *