ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਸਰਕਾਰੀ ਸਕੂਲਾਂ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾਂ
ਅੰਮ੍ਰਿਤਸਰ 9 ਜਨਵਰੀ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਜਿਲ੍ਹੇ ਦੇ ਤਿੰਨ ਸਕੂਲਾਂ ਸਰਕਾਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹੀ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਇਨਾਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਸਕੂਲਾਂ ਦੇ ਬਾਹਰ ਸਮਾਰਟ ਸਕੂਲ ਲਿਖ ਕੇ ਹੀ ਕੰਮ ਸਾਰ ਦਿੱਤਾ ਗਿਆ ਸੀ ,
ਪਰ ਸਾਡੀ ਸਰਕਾਰ ਸੱਚਮੁਚ ਵਿੱਚ ਹੀ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ ਅਤੇ ਸਕੂਲਾਂ ਦੀ ਇਮਾਰਤਾਂ ਨੂੰ ਨਵੇਂ ਸਿਰਿਓਂ ਮੁਰੰਮਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ। ਉਨਾਂ ਕਿਹਾ ਕਿ ਇਸ ਕੰਮ ਲਈ ਸਾਡੀ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੰਵਾਰਿਆ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਕਸੀਐਨ ਦਿਆਲ ਸ਼ਰਮਾ, ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਪਿੰਸੀਪਲ ਸ: ਬਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਉਨ ਹਾਲ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

