ਪਟਿਆਲਾ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਪਟਿਆਲਾ ਜ਼ਿਲ੍ਹੇ ‘ਚ 17 ਜਨਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਸਪਤਾਹ
ਪਟਿਆਲਾ, 12 ਜਨਵਰੀ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਸੜਕੀ ਦੁਰਘਟਨਾਵਾਂ ਕਾਰਨ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਅਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ 17 ਜਨਵਰੀ ਤੱਕ ਮਨਾਏ ਜਾਣ ਵਾਲੇ ਸਪਤਾਹ ਦੇ ਦੌਰਾਨ ਸੜਕ ਸੁਰੱਖਿਆ ਦੇ ਸਬੰਧ ਵਿੱਚ ਜਾਗਰੂਕਤਾ ਵਧਾਈ ਜਾਵੇਗੀ ਅਤੇ ਸਾਰਿਆਂ ਨੂੰ ਸੜਕ ‘ਤੇ ਚਲਦੇ ਸਮੇਂ ਦੂਸਰਿਆਂ ਦੀ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਫ਼ਤੇ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੌਰਾਨ ਪੁਲਿਸ ਵਿਭਾਗ ਤੇ ਆਰ.ਟੀ.ਏ ਵਿਭਾਗ ਵੱਲੋਂ ਵੱਖ ਵੱਖ ਪ੍ਰੋਗਰਾਮ ਕਰਵਾਏ ਜਾਣਗੇ ਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਇਸੇ ਦੌਰਾਨ ਅੱਜ ਟਰੈਫ਼ਿਕ ਪੁਲਿਸ ਪਟਿਆਲਾ ਵੱਲੋਂ ਇੰਸਪੈਕਟਰ ਪੁਸ਼ਪਾ ਦੇਵੀ ਦੀ ਅਗਵਾਈ ‘ਚ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਸਰਕਾਰੀ ਹਾਈ ਸਮਾਰਟ ਸਕੂਲ ਰੱਖੜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇੰਸਪੈਕਟਰ ਪੁਸ਼ਪਾ ਦੇਵੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਖੁਦ 18 ਸਾਲ ਤੋਂ ਪਹਿਲਾ ਵਾਹਨ ਨਾ ਚਲਾਉਣ ਅਤੇ ਆਪਣੇ ਮਾਤਾ ਪਿਤਾ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਵਿਦਿਆਰਥੀਆ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਵੀ ਚੁਕਾਈ ਗਈ। ਇੰਸਪੈਕਟਰ ਪੁਸ਼ਪਾ ਦੇਵੀ ਨੇ ਵਿਦਿਆਰਥੀਆਂ ਨਾਲ ਜ਼ਰੂਰੀ ਟੈਲੀਫੋਨ ਨੰਬਰਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕੀ ਹਾਦਸਿਆਂ ਵਿੱਚ ਜਖਮੀ ਹੋਣ ਵਾਲੇ ਵਿਅਕਤੀਆਂ ਦੀ ਮਦਦ ਕਰਦਾ ਹੈ ਤਾਂ, ਮਦਦ ਕਰਨ ਵਾਲੇ ਵਿਅਕਤੀਆਂ ਦੀ ਪੁਲਿਸ ਵੱਲੋਂ ਕਿਸੇ ਪ੍ਰਕਾਰ ਦੀ ਪੁੱਛ-ਗਿੱਛ ਨਹੀਂ ਕੀਤੀ ਜਾਂਦੀ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਟਰੈਫ਼ਿਕ ਨਿਯਮਾਂ ਸਬੰਧੀ ਸਵਾਲ ਪੁੱਛੇ ਗਏ ਜਿਨ੍ਹਾਂ ਦਾ ਟਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਵੱਲੋਂ ਜਵਾਬ ਦਿੱਤੇ ਗਏ।

