ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ਸੜਕ ਸੁਰੱਖਿਆ ਸਪਤਾਹ
ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਡੀ.ਪੀ.ਆਈ. ਕਾਲਜਾਂ ਤੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਿਕ 11 ਜਨਵਰੀ ਤੋਂ 17 ਜਨਵਰੀ ਤੱਕ ਰਾਸ਼ਟਰੀ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਕਾਲਜ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੀ ਹਰ ਹੀਲੇ ਪਾਲਣਾ ਯਕੀਨੀ ਬਨਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅਣਗਿਹਲੀ ਕਾਰਨ ਵਾਪਰਦੇ ਸੜਕ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।
ਇਸ ਮੌਕੇ ਡਾ. ਜਗਤਾਰ ਸਿੰਘ ਮੁਖੀ ਰਾਜਨੀਤਿਕ ਵਿਗਿਆਨ ਵਿਭਾਗ ਅਤੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਨੇ ਟਰੈਫਿਕ ਨਿਯਮਾਂ ਦੀ ਪਾਲਣਾ ਵਿਸ਼ੇ ਉੱਤੇ ਕਾਲਜ ਦੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਧੁੰਦ ਦੇ ਮੌਸਮ ਦੌਰਾਨ ਸੜਕੀ ਹਾਦਸਿਆਂ ਤੋਂ ਬਚਾਅ ਵਿਸ਼ੇ ਉੱਤੇ ਡਾ. ਗੋਰਖ ਸਿੰਘ ਮੁਖੀ ਜੌਗਰਫੀ ਵਿਭਾਗ ਵੱਲੋਂ ਵੀ ਲੈਕਚਰ ਦਿੱਤਾ ਗਿਆ। ਇਸ ਉਪਰੰਤ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਹਿੱਤ ਕਾਲਜ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਪ੍ਰੋ. ਸਪਨਾ, ਪ੍ਰੋ. ਰਾਜਵਿੰਦਰ ਸਿੰਘ ਅਤੇ ਪ੍ਰੋ ਅਮਨਦੀਪ ਸਿੰਘ ਵੀ ਹਾਜ਼ਰ ਸਨ।

