ਅੰਮ੍ਰਿਤਸਰਪੰਜਾਬ

ਰਾਮ ਰਹੀਮ ਜਾਣਬੁਝ ਕੇ ਭੜਕਾ ਰਿਹਾ ਹੈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ- ਐਡਵੋਕੇਟ ਧਾਮੀ

ਸਰਕਾਰ ਡੇਰਾ ਸਿਰਸਾ ਮੁਖੀ ਦੀ ਪੈਰੋਲ ਤੁਰੰਤ ਰੱਦ ਕਰਕੇ ਜੇਲ੍ਹ ਭੇਜੇ

ਅੰਮ੍ਰਿਤਸਰ, 25 ਜਨਵਰੀ- (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੌਦਾ ਸਾਧ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਿਹਾ ਹੈ ਅਤੇ ਸਰਕਾਰਾਂ ਸ਼ਾਂਤ ਹਨ।

ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਦਾ ਅਹਿਮ ਧਾਰਮਿਕ ਚਿੰਨ੍ਹ ਹੈ ਜਿਸ ਦੀ ਤੌਹੀਨ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਸੌਦਾ ਸਾਧ ਨੇ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕਕਾਰ ਦੇ ਸਤਿਕਾਰ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਕਤਲ ਦੇ ਸੰਗੀਨ ਦੋਸ਼ਾਂ ਵਿਚ ਸਜ਼ਾ ਕੱਟ ਰਹੇ ਅਜਿਹੇ ਅਪਰਾਧੀ ਨੂੰ ਸਰਕਾਰਾਂ ਵੱਲੋਂ ਵਾਰ-ਵਾਰ ਪੈਰੋਲ ਦੇ ਕੇ ਛੱਡਿਆ ਜਾ ਰਿਹਾ ਹੈ ਅਤੇ ਉਹ ਬਾਹਰ ਆ ਕੇ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇਕ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਸਿਖਾਉਂਦਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਹੱਕ ਨਹੀਂ ਹੈ ਕਿ ਉਹ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜਿਹੇ ਅਪਰਾਧੀ ਨੂੰ ਸਰਕਾਰਾਂ ਖਾਸ ਪੁਸ਼ਤਪਨਾਹੀ ਦੇ ਰਹੀਆਂ ਹਨ, ਜੋ ਦੇਸ਼ ਹਿੱਤ ਵਿਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੌਦਾ ਸਾਧ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਸ਼ਲਾਖਾ ਪਿੱਛੇ ਭੇਜਿਆ ਜਾਵੇ।

Leave a Reply

Your email address will not be published. Required fields are marked *