ਗੁਰਦੁਆਰਾ ਪ੍ਰਬੰਧਕਾਂ ਵੱਲੋਂ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨਾਲ ਇਕੱਤਰਤਾ
ਗੁਰਬਾਣੀ ਦੇ ਸ਼ੁੱਧ ਉਚਾਰਣ ਨੂੰ ਵਧੇਰੇ ਤਰਜੀਹ ਦੇਣ ਰਾਗੀ ਜਥੇ : ਜਥੇਦਾਰ ਕਰਤਾਰਪੁਰ
ਪਟਿਆਲਾ 31 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਸਮੂਹ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਦੀ ਇਕੱਤਰਤਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰਧਾਨਗੀ ’ਚ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਤੋਂ ਇਲਾਵਾ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਸ਼ਾਮਲ ਸਨ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਰਾਗੀ ਜੱਥਿਆਂ ਨੂੰ ਜਿਥੇ ਡਿਊਟੀ ਨੂੰ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ, ਉਥੇ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਗੁਰਬਾਣੀ ਦੇ ਸ਼ੁੱਧ ਉਚਾਰਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਰਾਗੀ ਜਥਿਆਂ ਨੂੰ ਗੁਰਬਾਣੀ ਕੀਰਤਨ ਕਰਦਿਆਂ ਵਿਸ਼ੇਸ਼ ਤੌਰ ’ਤੇ ਲਗਾ ਮਾਤਰਾ ਆਦਿ ਦਾ ਧਿਆਨ ਰੱਖਣ ਅਤੇ ਗੁਰਬਾਣੀ ਦੇ ਸ਼ੁੱਧ ਉਚਾਰਣ ਨੂੰ ਤਰਜੀਹ ਦੇਣ ਤਾਂ ਕਿ ਸੰਗਤੀ ਰੂਪ ਵਿਚ ਗੁਰਬਾਣੀ ਦਾ ਵਧੇਰੇ ਪ੍ਰਚਾਰ ਪਸਾਰ ਹੋ ਸਕੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਗੁਰੂ ਸਾਹਿਬ ਦੀ ਗੁਰਬਾਣੀ ਦਾ ਨਿਰਾਦਰ ਨਹੀਂ ਹੋਣਾ ਚਾਹੀਦਾ ਅਤੇ ਇਸ ਕਰਕੇ ਗੁਰਬਾਣੀ ਕੀਰਤਨ ਸਰਵਣ ਕਰਨ ਸਮੇਂ ਸ਼ੁੱਧ ਗੁਰਬਾਣੀ ਉਚਾਰਣ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ ਜਾਵੇ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਪ੍ਰਬੰਧ ਨੂੰ ਸੁਚਾਰੂ ਰੱਖਣ ਵਿਚ ਸਮੇਂ ਸਮੇਂ ’ਤੇ ਰਾਗੀ ਜਥੇ ਆਪਣਾ ਬਣਦਾ ਸਹਿਯੋਗ ਦੇਣ ਕਿਉਂਕਿ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਾ ਬਰਦਾਸ਼ਤਯੋਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਕਸਰ ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਸਮੇਂ ਸੰਗਤ ਦੀ ਆਸਥਾ ਦਾ ਵੀ ਧਿਆਨ ਜ਼ਰੂਰ ਰੱਖਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਰਣਧੀਰ ਸਿੰਘ ਧੀਰਾ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਪ੍ਰਬੰਧਕੀ ਸਟਾਫ ਆਦਿ ਵੀ ਮੌਜੂਦ ਸੀ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਵੀ ਰਾਗੀ ਜੱਥਿਆਂ ਨੂੰ ਆਪਣੀ ਡਿਊਟੀ ਦਾ ਪਾਬੰਦ ਰਹਿਣ ਲਈ ਪ੍ਰੇਰਿਆ।

