ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਕੈਂਪ 12 ਫਰਵਰੀ ਨੂੰ
ਪਟਿਆਲਾ, 3 ਫਰਵਰੀ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 5 ਫਰਵਰੀ ਨੂੰ ਲਗਾਇਆ ਜਾਣ ਵਾਲਾ ਵਿਸ਼ੇਸ਼ ਕੈਂਪ ਹੁਣ 12 ਫਰਵਰੀ ਨੂੰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 05 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਵਿਸ਼ੇਸ਼ ਕੈਂਪ ਦੀ ਤਰੀਕ ਵਿੱਚ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪੈਂਦੇ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕਰਨ ਕਿ ਉਹ 12 ਫਰਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਦੌਰਾਨ ਪੋਲਿੰਗ ਬੂਥਾਂ ‘ਤੇ ਬੈਠਣਾ ਯਕੀਨੀ ਬਣਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 12 ਫਰਵਰੀ ਨੂੰ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਰਾਂ ਤੋਂ ਫਾਰਮ ਨੰਬਰ 6-ਬੀ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਰਾਹੀਂ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਿਆ ਜਾ ਸਕੇ। ਇਸ ਲਈ ਵੱਧ ਤੋਂ ਵੱਧ ਵੋਟਰ ਇਸ ਕੈਂਪ ਦਾ ਲਾਭ ਉਠਾਉਣ ਅਤੇ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ।

